ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦਾ ਬਜਟ ਲੋਕ ਭਲਾਈ ਲਈ ਵੱਡਾ ਕਦਮ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਰੱਖਿਆ ਬਜਟ ਵਿਚ ਸਭ ਤੋਂ ਵੱਡਾ ਵਾਧਾ ਕੀਤਾ ਗਿਆ ਹੈ | ਇਸ ਨਾਲ ਭਾਰਤ ਉਨ੍ਹਾਂ ਦੇਸ਼ਾਂ ਦੀ ਸ਼੍ਰੇਣੀ ਵਿਚ ਆਵੇਗਾ, ਜੋ ਆਪਣੀ ਸੁਰੱਖਿਆ ਨੂੰ ਲੈ ਕੇ ਗੰਭੀਰ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕ ਭਲਾਈ ਲਈ ਵੱਡਾ ਕਦਮ ਚੁੱਕਦੇ ਹੋਏ ਸਿਹਤ ਬਜਟ ਵਿਚ 10 ਫ਼ੀਸਦੀ ਦਾ ਵਾਧਾ ਕੀਤਾ ਹੈ, ਜਿਸ ਨਾਲ ਪਹਿਲੀ ਵਾਰ ਸਿਹਤ ਬਜਟ ਇਕ ਲੱਖ ਕਰੋੜ ਤੋਂ ਪਾਰ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਇਲਾਜ ਲਈ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਦਵਾਈਆਂ 'ਤੇ ਟੈਕਸ ਘਟਾਇਆ ਗਿਆ ਹੈ | ਐਡਵੋਕੇਟ ਸ਼ਰਮਾ ਨੇ ਕਿਹਾ ਕਿ ਨੌਜਵਾਨ ਵਰਗ, ਔਰਤ ਵਰਗ, ਕਿਸਾਨ ਵਰਗ, ਵਪਾਰੀ ਤੇ ਮਜ਼ਦੂਰ ਵਰਗ ਸਮੇਤ ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖ ਕੇ ਵਧੀਆ ਬਜਟ ਕੇਂਦਰ ਸਰਕਾਰ ਨੇ ਪੇਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ ਲੜਕੀਆਂ ਲਈ ਹੋਸਟਲ ਬਣਾਉਣ ਦੀ ਤਜਵੀਜ਼ ਬਹੁਤ ਚੰਗਾ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਉਦਯੋਗਪਤੀਆਂ ਲਈ ਇਹ ਬਜਟ ਨਵੇਂ ਮੌਕੇ ਲੈ ਕੇ ਆਇਆ ਹੈ | ਉਤਪਾਦਨ ਖੇਤਰ ਨੂੰ ਮਜ਼ਬੂਤ ਕਰਨ ਲਈ ਮੇਕ ਇਨ ਇੰਡੀਆ ਤੇ ਡਿਜੀਟਲ ਇੰਡੀਆ ਵਰਗੀਆਂ ਯੋਜਨਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ |