ਬੱਧਨੀ ਕਲਾਂ, 4 ਫਰਵਰੀ (ਸੰਜੀਵ ਕੋਛੜ)- ਡੀ.ਜੀ.ਪੰਜਾਬ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡਾ. ਅਜੇ ਗਾਂਧੀ ਜ਼ਿਲ੍ਹਾ ਪੁਲਿਸ ਮੁਖੀ, ਬਾਲ ਕ੍ਰਿਸ਼ਨ ਸ਼ਰਮਾ ਐਸ.ਪੀ. ਮੋਗਾ ਦੀ ਅਗਵਾਈ ਅਤੇ ਨਿਹਾਲ ਸਿੰਘ ਵਾਲਾ ਦੇ ਉਪ ਕਪਤਾਨ ਅਨਵਰ ਅਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਵਲੋਂ ਬੱਧਨੀ ਕਲਾਂ ਅਤੇ ਆਸ ਪਾਸ ਦੇ ਪਿੰਡਾਂ 'ਚ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਲਗਾਤਾਰ ਕਾਰਵਾਈ ਨੂੰ ਅੰਜਾਮ ਦਿੰਦਿਆਂ ਹੈੱਡ ਕਾਂਸਟੇਬਲ ਜਗਸੀਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਅਤੇ ਰਾਹੁਲ ਦੋਵੇਂ ਵਾਸੀ ਬੁੱਟਰ ਕਲਾਂ ਨੂੰ 25 ਗ੍ਰਾਮ ਹੈਰੋਇਨ ਅਤੇ 55 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਉਕਤ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਨੰ: 18 ਪੁਲਿਸ ਥਾਣਾ ਬੱਧਨੀ ਕਲਾਂ ਵਿਖੇ ਦਰਜ ਕੀਤਾ ਗਿਆ ਹੈ ਅਤੇ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਦਿਆਂ ਹੋਰ ਪੁੱਛ ਗਿੱਛ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ, ਕਿਸੇ ਵੀ ਤਰਾਂ ਦਾ ਜੁਰਮ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ ਸਗੋਂ ਉਨ੍ਹਾਂ ਵਿਰੁੱਧ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |