ਫ਼ਰੀਦਕੋਟ, 4 ਫ਼ਰਵਰੀ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪਿੰਡ ਮਹਿਮੂਆਣਾ ਤੋਂ ਪਿੰਡ ਮਿੱਡੁਮਾਨ ਰੋਡ 'ਤੇ ਜਾਂਦੇ ਹੋਏ ਪੁਲ ਸੇਮਨਾਲਾ ਨੇੜੇ ਰਵੀ ਸਿੰਘ ਉਰਫ਼ ਸਾਂਈ ਪੁੱਤਰ ਮੇਜਰ ਸਿੰਘ ਅਤੇ ਅੰਗਰੇਜ਼ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਹਿਮੂਆਣਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 40 ਖੁੱਲ੍ਹੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਜਿਸ 'ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੌਲਦਾਰ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਰੁਪਈਆਂਵਾਲਾ ਤੋਂ ਜਗਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੀਪ ਸਿੰਘ ਵਾਲਾ ਨੂੰ ਕਥਿਤ ਤੌਰ 'ਤੇ 22 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਭਾਗਥਲਾ ਤੋਂ ਕੁਲਦੀਪ ਸਿੰਘ ਬੱਗੀ ਪੁੱਤਰ ਬਲਦੇਵ ਸਿੰਘ ਨੂੰ ਕਥਿਤ ਤੌਰ 'ਤੇ 20 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ 'ਤੇ ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |