ਗਿੱਦੜਬਾਹਾ, 4 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਠੇਕਾ ਮੁਲਾਜ਼ਮਾਂ ਵਲੋਂ ਜਲ ਘਰ ਗਿੱਦੜਬਾਹਾ ਵਿਖੇ ਮੀਟਿੰਗ ਕੀਤੀ ਗਈ | ਜਿਸ 'ਚ ਫ਼ੈਸਲਾ ਲਿਆ ਗਿਆ ਕਿ ਉਹ ਆਪਣੀਆਂ ਹੱਕੀ ਮੰਗਾਂ ਸਬੰਧੀ ਦਿੜਬਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਵਿਚ ਸ਼ਾਮਿਲ ਹੋਣਗੇ | ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਅਟਵਾਲ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਟਾਲ-ਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ | ਉਨ੍ਹਾਂ ਕਿਹਾ ਕਿ 'ਆਪ' ਵਲੋਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਵਿਚ ਆਉਣ ਉਪਰੰਤ ਉਨ੍ਹਾਂ ਨੂੰ ਤੁਰੰਤ ਪੱਕੇ ਕੀਤਾ ਜਾਵੇਗਾ ਅਤੇ ਹੁਣ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਧੱਕੇ ਖਾਣੇ ਪੈ ਰਹੇ ਹਨ | ਉਨ੍ਹਾਂ ਦੱਸਿਆ ਕਿ 7 ਫ਼ਰਵਰੀ ਨੂੰ ਦਿੜਬਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ | ਜਿਸ ਵਿਚ ਗਿੱਦੜਬਾਹਾ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਹਿੱਸਾ ਲੈ ਰਹੇ ਹਨ | ਇਸ ਮੌਕੇ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮ ਸ਼ਾਮਿਲ ਸਨ |