ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 1 'ਚ ਸਾਉਣੀ ਵਾਲਾ ਰੋਡ ਅਤੇ ਇਸ ਨਾਲ ਲਗਦੀਆਂ 6 ਗਲੀਆਂ 'ਚ 49 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਅਤੇ ਇੱਟਾਂ ਲਗਾਉਣ ਦਾ ਉਦਘਾਟਨ ਕੀਤਾ | ਇਸ ਮੌਕੇ ਵਾਰਡ ਇੰਚਾਰਜ ਰਾਜੂ ਲੰਢੇਕੇ, ਕੌਂਸਲਰ ਜਸਵਿੰਦਰ ਸਿੰਘ ਕਾਕਾ, ਵਾਰਡ ਨਿਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਸਮੇਤ ਮੌਜੂਦ ਸਨ | ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਵਾਰਡਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜ ਇਲਾਕੇ ਦੀ ਸੁੰਦਰਤਾ ਅਤੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਨਿਵਾਸੀ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ, ਤਾਂ ਇਹ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਵਾਰਡ ਇੰਚਾਰਜ ਰਾਜੂ ਲੰਢੇਕੇ, ਕੌਂਸਲਰ ਜਸਵਿੰਦਰ ਸਿੰਘ ਕਾਕਾ ਅਤੇ ਵਾਰਡ ਨਿਵਾਸੀਆਂ ਨੇ ਇਲਾਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਵਾਰਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਮਠਿਆਈ ਭੇਟ ਕਰ ਕੇ ਧੰਨਵਾਦ ਕੀਤਾ |