ਸ੍ਰੀ ਮੁਕਤਸਰ ਸਾਹਿਬ, 5 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦਾਅ 'ਤੇ ਲਗਾ ਕੇ ਇਕ ਤੁਗ਼ਲਕੀ ਫਰਮਾਨ ਜਾਰੀ ਕਰ ਦਿੱਤਾ ਹੈ | ਜਿੱਥੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ, ਉਨ੍ਹਾਂ ਦੀ ਚਿੰਤਾ ਕੀਤੇ ਬਿਨਾਂ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਹੈਲਥ ਕਾਰਡ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ | ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਇਸ ਨਾਦਰਸ਼ਾਹੀ ਫਰਮਾਨ ਦਾ ਸਖ਼ਤ ਵਿਰੋਧ ਕਰਦੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਰਾਜ ਸਿੰਘ ਜ਼ਿਲ੍ਹਾ ਪ੍ਰਧਾਨ ਕੰਪਿਊਟਰ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਅਤੇ ਹਰਜੀਤ ਸਿੰਘ ਬਰਕੰਦੀ ਸੂਬਾ ਵਿੱਤ ਸਕੱਤਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਦੱਸਿਆ ਕਿ ਜਦੋਂ ਵੀ ਕੋਈ ਡਾਟਾ ਐਂਟਰੀ ਦਾ ਕੰਮ ਹੁੰਦਾ ਹੈ ਜਾਂ ਕਿਸੇ ਸਰਕਾਰੀ ਯੋਜਨਾ ਨੂੰ ਡਿਜੀਟਲ ਰੂਪ ਵਿਚ ਲਾਗੂ ਕਰਨਾ ਹੋਵੇ ਤਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕੰਪਿਊਟਰ ਅਧਿਆਪਕਾਂ ਦੀ ਯਾਦ ਆਉਂਦੀ ਹੈ | ਪਰ ਜਦੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਗੱਲ ਹੁੰਦੀ ਹੈ ਤਾਂ ਉਨ੍ਹਾਂ ਨੂੰ ਸਰਕਾਰ ਆਪਣੇ ਕਰਮਚਾਰੀ ਹੀ ਨਹੀਂ ਮੰਨਦੀ | ਉਨ੍ਹਾਂ ਦੱਸਿਆ ਕਿ ਜਥੇਬੰਦੀ ਪਿਛਲੇ ਦੋ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਲੜ ਰਹੀ ਹੈ, ਪਰ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਵਿੱਤ ਮੰਤਰੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ | ਸਗੋਂ ਹਰ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਹੀਂ ਕੀਤੀ ਜਾਂਦੀ | ਹੁਣ ਜਦੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਕਾਰਡ ਬਣਾਉਣ ਦੀ ਗੱਲ ਆਈ ਤਾਂ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਦੇ ਆਰਡਰ ਇਸ ਕੰਮ ਲਈ ਜਾਰੀ ਕਰ ਦਿੱਤੇ ਗਏ ਹਨ, ਜਿਸ ਦਾ ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸੂਬਾ ਕਮੇਟੀ ਵਲੋਂ ਪੁਰਜ਼ੋਰ ਵਿਰੋਧ ਜਤਾਇਆ ਗਿਆ ਹੈ | ਸਰਕਾਰ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਜੋ ਕਿ ਇਕ-ਦੋ ਹਫ਼ਤੇ ਵਿਚ ਸ਼ੁਰੂ ਹੋ ਰਹੀਆਂ ਹਨ, ਦਾ ਵੀ ਖ਼ਿਆਲ ਨਹੀਂ ਕੀਤਾ ਗਿਆ | ਅਧਿਆਪਕਾਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਹੋਇਆ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੇ ਸੁਪਨਮਈ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਗੱਲ ਆਈ ਤਾਂ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਬੁਲਾ ਲਿਆ ਗਿਆ, ਪਰ ਜਦੋਂ ਪਿਛਲੇ 20 ਸਾਲਾਂ ਤੋਂ ਉਹ ਆਪਣੇ ਹੱਕਾਂ ਲਈ ਲੜ ਰਹੇ ਹਨ, ਤਾਂ ਉਨ੍ਹਾਂ ਨੂੰ ਮੀਟਿੰਗਾਂ ਦੇ ਕੇ ਵੀ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਜਾ ਰਹੇ | ਇਸ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ 14 ਫ਼ਰਵਰੀ ਨੂੰ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿਚ ਵਿੱਤ ਮੰਤਰੀ ਦੀ ਸੰਗਰੂਰ ਵਿਖੇ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸੰਜੇ ਕੁਮਾਰ ਬਲਾਕ ਪ੍ਰਧਾਨ, ਜਸਪਾਲ, ਪ੍ਰਦੀਪ ਕੁਮਾਰ ਬੇਰੀ, ਪ੍ਰੇਮ ਸਾਗਰ, ਰਾਹੁਲ ਕੁਮਾਰ, ਸੰਦੀਪ ਕੁਮਾਰ, ਪ੍ਰਭੂਸ਼ਨ ਕੁਮਾਰ, ਮਨਜੋਤ ਸਿੰਘ, ਨਰਿੰਦਰ ਕੁਮਾਰ ਖਿੱਚੀ, ਅਸ਼ਵਨੀ ਕੁਮਾਰ, ਵਰਿੰਦਰ ਕੁਮਾਰ ਹਾਜ਼ਰ ਸਨ |