ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ 'ਆਪ' ਸਰਕਾਰ ਲੋਕਾਂ ਦੀਆਂ ਹੱਕੀ ਮੰਗਾਂ ਤੇ ਬੁਨਿਆਦੀ ਅਧਿਕਾਰਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਰਾਹ ਪਈ ਹੋਈ ਹੈ | ਸੂਬੇ ਨੂੰ ਪੁਲਿਸ ਸਟੇਟ ਬਣਾ ਕੇ ਚਲਾਇਆ ਜਾ ਰਿਹਾ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ, ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਿਸਾਨ ਆਗੂਆਂ ਦੇ ਘਰਾਂ ਵਿਚ ਪੰਜਾਬ ਪੁਲਿਸ ਵਲੋਂ ਤੜਕਸਾਰ ਕੀਤੀ ਛਾਪੇਮਾਰੀ ਅਤੇ ਕਿਸਾਨਾਂ ਦੀ ਫ਼ੜੋ੍ਹ-ਫ਼ੜ੍ਹੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਕਿਰਤੀ ਲੋਕਾਂ 'ਤੇ ਹਰ ਰੋਜ਼ ਜ਼ਬਰ ਢਾਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਧਰਨਿਆਂ ਵਿਚੋਂ ਪੈਦਾ ਹੋਈ ਪਾਰਟੀ ਧਰਨਾ ਪ੍ਰਦਰਸ਼ਨ ਕਰਨ ਦੇ ਜ਼ਮਹੂਰੀ ਹੱਕਾਂ ਨੂੰ ਕਤਲ ਕਰ ਰਹੀ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਸੂਬਾ ਸਰਕਾਰ ਦੇ ਲੋਕ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਜੇਲ੍ਹ ਵਿਚ ਬੰਦ ਦੋ ਕਿਸਾਨ ਆਗੂਆਂ ਵਿਚੋਂ ਇਕ ਕਿਸਾਨ ਆਗੂ ਨੂੰ ਤਾਂ ਉਸ ਦੀ ਮਾਤਾ ਦੇ ਅੰਤਿਮ ਸਸਕਾਰ ਤੇ ਮਿ੍ਤਕ ਦੇਹ ਨੂੰ ਅਗਨੀ ਭੇਂਟ ਕਰਨ ਦੀ ਇਜਾਜ਼ਤ ਬੜੀ ਜੱਦੋ-ਜਹਿਦ ਤੋਂ ਬਾਅਦ ਹੀ ਦਿੱਤੀ ਗਈ | ਵਰਨਣਯੋਗ ਹੈ ਕਿ ਇਨ੍ਹਾਂ ਨਜ਼ਰਬੰਦ ਕਿਸਾਨ ਆਗੂਆਂ ਵਲੋਂ ਸਾਲ 2025 ਦੌਰਾਨ ਆਦਰਸ਼ ਸਕੂਲ ਚਾਉਕੇ ਦੀ ਮੈਨੇਜਮੈਂਟ ਖ਼ਿਲਾਫ਼ ਵਲੋਂ ਅਧਿਆਪਕਾਂ ਲੜੇ ਗਏ ਘੋਲ 'ਚ ਅਹਿਮ ਭੂਮਿਕਾ ਨਿਭਾਈ ਸੀ, ਜਿਸ ਕਾਰਨ ਰੰਜਿਸ਼ ਤਹਿਤ ਇਨ੍ਹਾਂ ਆਗੂਆਂ 'ਤੇ ਪੁਲਿਸ ਕੇਸ ਦਰਜ ਕਰਕੇ ਜੇਲ੍ਹ ਵਿਚ ਡੱਕਿਆ ਗਿਆ ਹੈ | ਇਨ੍ਹਾਂ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਕੀਤੇ ਜਾ ਰਹੇ ਜ਼ਮਹੂਰੀ ਪ੍ਰਦਰਸ਼ਨ ਨੂੰ ਦਬਾਉਣ ਲਈ ਕਿਸਾਨਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਨਾਲ ਬਦਸਲੂਕੀ ਕੀਤੀ ਗਈ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਜੇਲ੍ਹ ਵਿਚ ਬੰਦ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ |