ਸ੍ਰੀ ਮੁਕਤਸਰ ਸਾਹਿਬ, 6 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਸ ਤਹਿਤ ਰਾਤ-ਦਿਨ ਨਾਕਾਬੰਦੀ ਕਰਕੇ ਪੁਲਿਸ ਵਲੋਂ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੀ.ਸੀ.ਆਰ. ਤੇ ਗਸ਼ਤੀ ਟੀਮਾਂ ਵਲੋਂ ਇਲਾਕਿਆਂ ਵਿਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ | ਇਸੇ ਮੁਹਿੰਮ ਦੇ ਤਹਿਤ ਜ਼ਿਲ੍ਹੇ ਨਾਲ ਲੱਗਦੇ ਹੋਰ ਜ਼ਿਲਿ੍ਹਆਂ ਦੇ ਅੰਦਰ ਤੇ ਬਾਹਰ ਜਾਣ ਵਾਲੇ ਮੁੱਖ ਰਸਤਿਆਂ 'ਤੇ ਕੁੱਲ 9 ਪੱਕੇ ਇੰਟਰ-ਡਿਸਟਿ੍ਕਟ ਸਰਹੱਦੀ ਨਾਕੇ ਸਥਾਪਤ ਕੀਤੇ ਗਏ ਹਨ | ਇਨ੍ਹਾਂ ਨਾਕਿਆਂ ਰਾਹੀਂ ਜ਼ਿਲ੍ਹੇ ਵਿਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਹਰ ਵਾਹਨ ਤੇ ਵਿਅਕਤੀ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ | ਨਾਕਿਆਂ 'ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ-ਨਾਲ ਨਵੇਂ ਬੈਰੀਕੇਡ, ਟਾਰਚ ਲਾਈਟਾਂ ਤੇ ਰਿਫ਼ਲੈਕਟਰ ਜੈਕਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ | ਰਾਤ-ਦਿਨ ਸ਼ਿਫ਼ਟਾਂ ਅਨੁਸਾਰ ਡਿਊਟੀ ਲਗਾ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ, ਜਿਸ ਦੀ ਨਿਗਰਾਨੀ ਸੰਬੰਧਿਤ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਵਲੋਂ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਦੂਜੇ ਜ਼ਿਲਿ੍ਹਆਂ ਦੀ ਪੁਲਿਸ ਨਾਲ ਪੂਰੇ ਤਾਲਮੇਲ ਨਾਲ ਸਾਂਝੀ ਡਿਊਟੀ ਕੀਤੀ ਜਾ ਰਹੀ ਹੈ, ਤਾਂ ਜੋ ਅਪਰਾਧਕ ਗਤੀਵਿਧੀਆਂ 'ਤੇ ਪ੍ਰਭਾਵਸ਼ਾਲੀ ਰੋਕ ਲੱਗ ਸਕੇ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣੀ ਰਹੇ | ਉਨ੍ਹਾਂ ਦੱਸਿਆ ਕਿ ਹਰ ਨਾਕੇ 'ਤੇ ਵਾਇਰਲੈਸ ਸੈੱਟ ਉਪਲਬਧ ਕਰਵਾਏ ਗਏ ਹਨ, ਜਿਸ ਨਾਲ ਲੋੜ ਪੈਣ 'ਤੇ ਤੁਰੰਤ ਕਾਰਵਾਈ ਸੰਭਵ ਬਣਦੀ ਹੈ |