ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਦੀਆਂ ਦਰਜਨਾਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵਲੋਂ 22 ਫ਼ਰਵਰੀ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀ ਲੜੀ ਤਹਿਤ ਆਮ ਆਦਮੀ ਪਾਰਟੀ ਸਰਕਾਰ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਲੋਟ ਘਰ ਅੱਗੇ ਲੱਗਣ ਵਾਲੇ ਧਰਨੇ ਦੀ ਤਿਆਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਖੋਖਰ, ਖਿੜਕੀਆਂਵਾਲਾ, ਬਰਕੰਦੀ, ਚੜੇਵਨ, ਚੌਂਤਰਾ, ਭਾਗਸਰ ਆਦਿ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਸੰਬੋਧਨ ਸੰਬੋਧਨ ਕਰਦਿਆਂ ਗੁਰਜੰਟ ਸਿੰਘ ਸਾਉਂਕੇ, ਤਰਸੇਮ ਸਿੰਘ, ਕਾਕਾ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ ਖੂੰਨਣ ਖੁਰਦ, ਜਸਵਿੰਦਰ ਸਿੰਘ ਸੰਗੂਧੌਣ, ਜਸਵਿੰਦਰ ਕੌਰ ਦਬੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ 'ਆਪ' ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ, ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ, ਮਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਨੂੰ ਬਹਾਲ ਕਰਨ, ਬਿਜਲੀ ਸੋਧ ਬਿੱਲ 2025, ਮਜ਼ਦੂਰ ਵਿਰੋਧੀ ਲੇਬਰ ਕੋਡ ਅਤੇ ਦੋਸ਼ ਵਿਰੋਧੀ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ 22 ਫ਼ਰਵਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਲੋਟ ਘਰ ਅੱਗੇ ਧਰਨਾ ਦਿੱਤਾ ਜਾਵੇਗਾ | ਬੁਲਾਰਿਆਂ ਨੇ ਭਾਜਪਾ ਤੇ 'ਆਪ' ਦੇ ਰਾਜ ਵਿਚ ਦਲਿਤ ਵਰਗ 'ਤੇ ਜ਼ਬਰ ਦੀਆਂ ਘਟਨਾਵਾਂ ਵਿਚ ਤੇਜ਼ੀ ਨਾਲ ਵਧਣ ਦੇ ਦੋਸ਼ ਲਗਾਉਂਦਿਆਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਤੇ 'ਆਪ' ਸਮੇਤ ਸਭਨਾਂ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਆਪਣੀ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨ ਅਤੇ ਹਕੂਮਤੀ ਨੀਤੀਆਂ ਦੀ ਮਾਰ ਸਹਿੰਦੇ ਸਭਨਾਂ ਕਿਰਤੀ ਕਮਾਊ ਲੋਕਾਂ ਨਾਲ ਸੰਘਰਸ਼ੀ ਸਾਂਝ ਵਿਕਸਤ ਕਰਦੇ ਹੋਏ 22 ਫ਼ਰਵਰੀ ਦੇ ਧਰਨੇ 'ਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ | ਮੀਟਿੰਗਾਂ ਵਿਚ ਬਠਿੰਡਾ ਵਿਖੇ ਸ਼ਾਂਤਮਈ ਧਰਨਾ ਦੇਣ ਆ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਵਲੋਂ ਪੰਜਾਬ ਭਰ 'ਚ ਪਿੰਡਾਂ ਅੰਦਰ ਘੇਰ ਕੇ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਤੇ ਵੱਡੀ ਪੱਧਰ 'ਤੇ ਗਿ੍ਫ਼ਤਾਰੀਆਂ ਕਰਨ, ਇਕ ਕਿਸਾਨ ਦੀ ਲੱਤ ਤੇ ਹੱਥ ਤੋੜਣ ਵਾਲੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ |