ਫ਼ਰੀਦਕੋਟ, 25 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ 'ਸਾਡਾ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਮਿਤੀ 26 ਫ਼ਰਵਰੀ 2026 ਨੂੰ ਸਵੇਰੇ 11 ਵਜੇ ਤਾਜ ਪੈਲੇਸ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਕੈਂਪ ਦੌਰਾਨ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵਲੋਂ ਬਜ਼ੁਰਗਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ | ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਵੱਖ-ਵੱਖ ਸਰਕਾਰੀ ਸੁਰੱਖਿਆ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ 'ਤੇ ਹੀ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡ ਤਿਆਰ ਕਰਕੇ ਦਿੱਤੇ ਜਾਣਗੇ | ਇਸ ਦੇ ਨਾਲ ਹੀ ਜ਼ਰੂਰਤਮੰਦ ਬਜ਼ੁਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਟਰਾਈਸਾਈਕਲ, ਵਾਕਿੰਗ ਸਟਿਕਸ ਆਦਿ ਸਹਾਇਕ ਉਪਕਰਨ ਵੀ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਮਹੱਤਵਪੂਰਨ ਸਮਾਗਮ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ |