ਬਰਗਾੜੀ, 25 ਫ਼ਰਵਰੀ (ਲਖਵਿੰਦਰ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਮਾਸਟਰ ਪੂਰਨ ਸਿੰਘ ਸਰਾਵਾਂ ਨੇ ਪੰਜਾਬ ਅਤੇ ਸਮੁੱਚੇ ਭਾਰਤ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਲਈ ਤਿਆਰ ਰਹਿਣ | ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿਚ ਵੀ ਹਮੇਸ਼ਾਂ ਕਿਸਾਨਾਂ ਦੀ ਲੁੱਟ ਕਰਨ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਘੜ੍ਹ ਕੇ ਕਾਨੂੰਨ ਬਣਾਏ ਜਾ ਰਹੇ ਹਨ ਅਤੇ ਦੂਸਰੇ ਦੇਸ਼ਾਂ ਨਾਲ ਸਮਝੌਤੇ ਕੀਤੇ ਜਾ ਰਹੇ ਹਨ | ਆਜ਼ਾਦੀ ਤੋਂ ਬਾਅਦ ਵੀ ਸਾਡੇ ਦੇਸ਼ ਵਿਚ ਮਨੁੱਖ ਦੀ ਮਨੁੱਖ ਹੱਥੋਂ ਲੁੱਟ ਜਾਰੀ ਹੈ ਅਤੇ ਸਰਮਾਏਦਾਰ ਲੋਕ ਪਹਿਲਾਂ ਦੀ ਤਰ੍ਹਾਂ ਮਿਹਨਤਕਸ਼ ਲੋਕਾਂ ਦੀ ਲੁੱਟ ਕਰ ਰਹੇ ਹਨ | ਸਰਕਾਰਾਂ ਵੱਖ ਵੱਖ ਰੰਗਾਂ ਵਿਚ ਬਦਲ ਜਾਂਦੀਆਂ ਹਨ ਪ੍ਰੰਤੂ ਮਿਹਨਤਕਸ਼ ਲੋਕਾਂ ਦੀ ਲੁੱਟ ਵਾਲੀਆਂ ਸਕੀਮਾਂ ਨਹੀਂ ਬਦਲ ਰਹੀਆਂ | ਇਹ ਲੁੱਟ ਵਾਲੀਆਂ ਸਕੀਮਾਂ ਅਤੇ ਕਾਨੂੰਨ ਬਦਲਣ ਲਈ ਸਾਨੂੰ ਪੂਰੀ ਤਰ੍ਹਾਂ ਜਾਗੂਰਕ ਹੋ ਕੇ ਪੂਰੀ ਏਕਤਾ ਨਾਲ ਸੰਘਰਸ਼ ਕਰਨ ਦੀ ਲੋੜ ਹੈ |