ਕੋਟਕਪੂਰਾ, 26 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਪਾਰਟੀ ਵਲੋਂ 28 ਫ਼ਰਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰ ਭਰਵੀਂ ਸ਼ਮੂਲੀਅਤ ਕਰਨਗੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੇ ਦੱਸਿਆ ਕਿ ਰੈਲੀ ਵਿਚ ਸ਼ਾਮਿਲ ਹੋਣ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਕੋੋਟਸੁਖੀਆ ਨੇ ਕਿਹਾ ਕਿ ਇਹ ਰੈਲੀ ਇਕੱਠ ਪੱਖੋਂ ਇਤਿਹਾਸਕ ਹੋਵੇਗੀ ਅਤੇ ਸਿਆਸੀ ਵਿਰੋਧੀਆਂ ਦੇ ਭਾਅ ਦੀ ਬਣਾ ਦੇਵੇਗੀ | ਉਨ੍ਹਾਂ ਕਿਹਾ ਕਿ ਸੂਬੇ ਦੀ ਸੱਤ੍ਹਾ 'ਤੇ ਕਾਬਜ਼ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਤੰਗ ਆ ਚੁੱਕੇ ਹਨ ਅਤੇ ਸਰਕਾਰ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ਪੂਰੇ ਕਰਨ 'ਚ ਅਸਫ਼ਲ ਰਹੀ ਹੈ | ਇਸ ਮੌਕੇ ਕਰਨੈਲ ਸਿੰਘ ਕੈਲੀ ਠੇਕੇਦਾਰ, ਅਮਰੀਕ ਸਿੰਘ ਢਿੱਲੋਂ ਵੀ ਹਾਜ਼ਰ ਸਨ |