.ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅੱਜ ਖ਼ਾਲਸਾ ਵਹੀਰ ਦੌਰਾਨ ਫ਼ਰੀਦਕੋਟ ਵਿਚੋਂ ਲੰਘਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ ਤੇ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਸਮਾਣਾ ਸ਼ਹਿਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਮੋਬਾਈਲ ਟਾਵਰ 'ਤੇ ਚੜ੍ਹੇ ਗੁਰਜੀਤ ਸਿੰਘ ਵਲੋਂ ਲਗਾਏ ਗਏ ਮੋਰਚੇ ਵਿਚ ਸ਼ਾਮਿਲ ਹੋਣ ਵਾਲੀਆਂ ਸਿੱਖ ਸੰਗਤਾਂ ਉੱਪਰ ਪੁਲਿਸ ਵਲੋਂ ਡੰਡੇ ਦੇ ਜ਼ੋਰ ਨਾਲ ਕੀਤੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਅੱਜ ਫ਼ਰੀਦਕੋਟ ਵਿਖੇ ਖਾਲਸਾ ਵਹੀਰ ਪਹੁੰਚਣ 'ਤੇ ਪਿੰਡ ਟਹਿਣਾ ਵਿਖੇ ਸਿੱਖ ਸੰਗਤ ਵਲੋਂ ਗੁਰਦੁਆਰਾ ਸਾਹਿਬ ਨੇੜੇ ਸਵਾਗਤ ਕੀਤਾ ਗਿਆ | ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਪਰਮਜੀਤ ਸਿੰਘ ਜੌਹਲ, ਮਨਦੀਪ ਸਿੰਘ ਸਿੱਧੂ ਭਰਾਤਾ ਸ਼ਹੀਦ ਭਾਈ ਦੀਪ ਸਿੱਧੂ, ਅਮਰਜੀਤ ਸਿੰਘ ਵੰਨਚਿੜੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਲੱਖਾ ਸਿੰਘ ਸਿਧਾਣਾ, ਸ਼ਮਸ਼ੇਰ ਸਿੰਘ ਪੱਧਰੀ, ਹਰਭਜਨ ਸਿੰਘ ਤੁੜ, ਪ੍ਰਗਟ ਸਿੰਘ ਮੀਆਂਵਿੰਡ, ਦਲਜੀਤ ਸਿੰਘ ਜਵੰਦਾ, ਪ੍ਰਧਾਨ ਮੰਤਰੀ ਬਾਜੇਕੇ ਦੇ ਪਿਤਾ ਅਤੇ ਹੋਰ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ | ਮੀਡੀਆ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀਆਂ ਸਬੰਧੀ ਇਕ ਸਖਤ ਕਾਨੂੰਨ ਬਣਾਇਆ ਜਾਵੇਗਾ ਪਰ ਹੁਣ ਕਾਨੂੰਨ ਦਾ ਕੀ ਬਣਾਉਣਾ ਸੀ ਸਗੋਂ ਇਸ ਦੇ ਸਭ ਉਲਟ ਬੇਅਦਬੀਆਂ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਕਰਨ ਵਾਲਿਆਂ ਉੱਪਰ ਹੀ ਪੁਲਿਸ ਜਬਰ ਸ਼ੁਰੂ ਕਰ ਦਿੱਤਾ ਹੈ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਮਾਣਾ ਵਿਚ ਸਿੱਖ ਸੰਗਤਾਂ ਉੱਪਰ ਪੁਲਿਸ ਵਲੋਂ ਡੰਡੇ ਦੇ ਜ਼ੋਰ ਨਾਲ ਕੀਤੀ ਗਈ ਕਾਰਵਾਈ ਨਾਲ ਦੁਨੀਆਂ ਭਰ ਵਿਚ ਇਹ ਤਸਵੀਰ ਗਈ ਹੈ ਕਿ ਪੰਜਾਬ ਸਰਕਾਰ ਪੁਲਿਸ ਜਬਰ ਨਾਲ ਹੀ ਸਿੱਖਾਂ ਦੇ ਹਿਤਾਂ ਨੂੰ ਕੁਚਲਣ ਲੱਗੀ ਹੋਈ ਹੈ | ਉਨ੍ਹਾਂ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਇਕਜੁੱਟ ਹੋ ਕੇ ਇਕ ਪਲੇਟਫਾਰਮ ਉੱਪਰ ਇਕੱਠੇ ਹੋਣ ਅਤੇ ਸਰਕਾਰ ਦੇ ਹਰ ਜਬਰ ਦਾ ਡਟ ਕੇ ਮੁਕਾਬਲਾ ਕਰਨ | ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਲੋਕਾਂ ਵਲੋਂ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਉੱਪਰ ਵਾਰ-ਵਾਰ ਐਨ.ਐਸ.ਏ ਲਗਾ ਕੇ ਸਰਕਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਤੰਤਰ ਦੀ ਰੱਤੀ ਭਰ ਵੀ ਕਦਰ ਨਹੀਂ ਹੈ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਵਲੋਂ ਸ਼ੁਰੂ ਕੀਤੀ ਗਈ ਖਾਲਸਾ ਵਹੀਰ ਨਿਰੰਤਰ ਜਾਰੀ ਰੱਖ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਵੇਗਾ |