ਫ਼ਰੀਦਕੋਟ, 26 ਫਰਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਕੀਤੀ ਜਾ ਰਹੀ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਅਰਾਈਆਂਵਾਲਾ ਕਲਾਂ ਪਹੁੰਚੇ ਤਾਂ ਉੱਥੋਂ ਰਵਿੰਦਰ ਸਿੰਘ ਉਰਫ਼ ਲਾਲੀ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਨਵੀਂ ਪਿੱਪਲੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 25 ਪਾਬੰਦੀਸ਼ੁਦਾ ਨਸ਼ੇ ਦੀਆਂ ਚਿੱਟੇ ਰੰਗ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |