ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ 'ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖ਼ਤਰਨਾਕ ਹਨ | ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗ੍ਹਾ 'ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ | ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ | ਇਹ ਆਦੇਸ਼ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ |