ਸਾਦਿਕ, 10 ਮਾਰਚ (ਆਰ.ਐਸ.ਧੁੰਨਾ)-ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ਵਿਚ ਪੇਸ਼ ਕਰਨ ਦੇ ਵਿਰੋਧ 'ਚ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਬ ਡਵੀਜ਼ਨ ਸਾਦਿਕ ਅੱਗੇ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੈਨਸ਼ਨਰ ਐਸੋਸ਼ੀਏਸ਼ਨ ਤੇ ਸੀ ਐਚ ਬੀ ਕਾਮਿਆਂ ਵਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ | ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਫ਼ਰੀਦਕੋਟ ਸਰਕਲ, ਸਕੱਤਰ ਗੁਰਬਿੰਦਰ ਸਿੰਘ ਬਰਾੜ ਫ਼ਰੀਦਕੋਟ, ਚਮਕੌਰ ਸਿੰਘ ਮੀਤ ਪ੍ਰਧਾਨ, ਸਕੱਤਰ ਰਾਜਪਾਲ ਸਬ ਡਵੀਜ਼ਨ ਸਾਦਿਕ, ਸੁਖਰਾਜ ਸਿੰਘ ਬਰਾੜ ਸਹਾਇਕ ਸਕੱਤਰ, ਨਰਿੰਦਰ ਸਿੰਘ ਖਜ਼ਾਨਚੀ, ਸੀ ਐਚ ਬੀ ਕੰਟਰੈਕਟ ਵਰਕਰ ਯੂਨੀਅਨ ਸਾਦਿਕ ਸਬ ਡਵੀਜਨ ਦੇ ਪ੍ਰਧਾਨ ਜੱਗਾ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਨੂੰ ਲੋਕ ਸਭਾ ਵਿਚ ਪਾਸ ਕਰਕੇ ਸਮੁੱਚੇ ਦੇਸ਼ ਦੇ ਬਿਜਲੀ ਬੋਰਡਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਬਿਜਲੀ ਸਪਲਾਈ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ ਤੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ 28 ਮਾਰਚ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਪਾਸ ਕੀਤਾ ਜਾਂਦਾ ਹੈ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲਾ ਦਿਵਸ ਮਨਾਉਂਦੇ ਹੋਏ ਰੇਲਾਂ ਰੋਕੀਆਂ ਜਾਣਗੀਆਂ ਤੇ ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ ਤੇ ਇਸ ਵਿਚ ਬਿਜਲੀ ਕਾਮਿਆਂ ਵਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਬੁਲਾਰਿਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਚੰਡੀਗੜ ਵਿਖੇ ਕੀਤੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਗਈ |