ਫ਼ਰੀਦਕੋਟ, 11 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਨਜ਼ਰਬੰਦ ਆਪਣੇ ਪਤੀ ਨਾਲ ਮੁਲਾਕਾਤ ਕਰਨ ਆਈ ਪਤਨੀ ਪਾਸੋਂ ਤਲਾਸ਼ੀ ਦੌਰਾਨ ਜੇਲ੍ਹ ਡਿਊੜੀ 'ਚ ਤਾਇਨਾਤ ਜੇਲ੍ਹ ਕਰਮਚਾਰੀਆਂ ਵਲੋਂ ਨਸ਼ੀਲਾ ਪਦਾਰਥ ਬਰਮਾਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜੇਲ੍ਹ ਕਰਮਚਾਰੀਆਂ ਵਲੋਂ ਪਤਨੀ ਨਾਲ ਆਏ ਇਕ ਹੋਰ ਵਿਅਕਤੀ ਪਾਸੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਜੇਲ੍ਹ 'ਚ ਬੰਦ ਪਤੀ ਸਮੇਤ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਭਿਵਮਤੇਜ ਸਿੰਗਲਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਹੈ ਕਿ ਜੇਲ੍ਹ 'ਚ ਨਜ਼ਰਬੰਦ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਉਸ ਦੀ ਪਤਨੀ ਪਰਮਜੀਤ ਕੌਰ ਅਤੇ ਇਕ ਹੋਰ ਰਿਸ਼ਤੇਦਾਰ ਲਖਵਿੰਦਰ ਸਿੰਘ ਮੁਲਾਕਾਤ ਕਰਨ ਲਈ ਆਏ ਸਨ | ਮੁਲਾਕਾਤ ਤੋਂ ਪਹਿਲਾਂ ਜੇਲ੍ਹ ਡਿਊੜੀ 'ਚ ਤਾਇਨਾਤ ਕਰਮਚਾਰੀਆਂ ਵਲੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਪਰਮਜੀਤ ਕੌਰ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਨਸ਼ੀਲਾ ਪਦਾਰਥ ਤੇ ਲਖਵਿੰਦਰ ਸਿੰਘ ਪਾਸੋਂ 18 ਕੂਲਲਿਪ ਬਰਾਮਦ ਕੀਤੀਆਂ ਗਈਆਂ | ਸਹਾਇਕ ਥਾਣੇਦਾਰ ਤੇਜ ਸਿੰਘ ਨੇ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਦੋਵਾਂ ਖ਼ਿਲਾਫ਼ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |