ਫ਼ਰੀਦਕੋਟ, 11 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ 'ਚ ਐਲਪੀਜੀ ਗੈਸ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਐਲਪੀਜੀ ਗੈਸ ਏਜੰਸੀ ਡੀਲਰਾਂ ਅਤੇ ਪੈਟਰੋਲ ਪੰਪ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਦੌਰਾਨ ਜ਼ਿਲ੍ਹੇ ਵਿਚ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਐਲਪੀਜੀ ਗੈਸ ਸਿਲੰਡਰਾਂ ਦੇ ਨਾਲ-ਨਾਲ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਸੁਚਾਰੂ ਤਰੀਕੇ ਨਾਲ ਜਾਰੀ ਹੈ ਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਸਪਲਾਈ ਚੇਨ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਿਤ ਵਿਭਾਗਾਂ ਨਾਲ ਨਿਰੰਤਰ ਸੰਪਰਕ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਗਾਹਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਉਣ ਦੇਣ ਤੇ ਨਿਯਮਾਂ ਅਨੁਸਾਰ ਹੀ ਸਪਲਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵਲੋਂ ਘਾਟ ਪੈਦਾ ਕਰਨ ਜਾਂ ਮਾਲ ਸਟਾਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਬਾਰੇ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ਰਾਹੀਂ ਫੈਲ ਰਹੀਆਂ ਨਕਾਰਾਤਮਕ ਖ਼ਬਰਾਂ ਤੇ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ | ਮੀਟਿੰਗ ਦੌਰਾਨ ਸਾਰੇ ਡੀਲਰਾਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਸਪਲਾਈ ਪੂਰੀ ਤਰ੍ਹਾਂ ਸਾਧਾਰਨ ਹੈ ਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬੇਲੋੜੀ ਖ਼ਰੀਦਦਾਰੀ ਤੋਂ ਬਚਣ ਤੇ ਸਿਰਫ਼ ਆਪਣੀ ਲੋੜ ਅਨੁਸਾਰ ਹੀ ਐਲਪੀਜੀ ਗੈਸ, ਪੈਟਰੋਲ ਤੇ ਡੀਜ਼ਲ ਦੀ ਖਰੀਦਦਾਰੀ ਕਰਨ | ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਤੇ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਅਧਿਕਾਰਕ ਜਾਣਕਾਰੀ 'ਤੇ ਹੀ ਵਿਸ਼ਵਾਸ ਕਰਨ | ਇਸ ਮੌਕੇ ਡੀ. ਐਫ. ਐਸ. ਸੀ. ਗੁਰਜੀਤ ਸਿੰਘ, ਕਿ੍ਸ਼ਨਾ ਮੁਰਾਰੀ ਸੇਲਜ਼ ਅਫ਼ਸਰ ਐਚ. ਪੀ. ਸੀ. ਐਲ. ਸ਼ਮਸ਼ੇਰ ਸਿੰਘ ਸੇਲਜ਼ ਅਫ਼ਸਰ ਬੀ. ਪੀ. ਸੀ. ਐਲ. ਆਦਿ ਨੁੰਮਾਇੰਦੇ ਹਾਜ਼ਰ ਸਨ |