ਫ਼ਰੀਦਕੋਟ, 11 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਚੋਰੀ ਦੇ ਟਰੈਕਟਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਮੁੱਦਕੀ ਤਰਫੋਂ ਇਕ ਵਿਅਕਤੀ ਚੋਰੀ ਦੇ ਟਰੈਕਟਰ ਸਮੇਤ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੰਦਾ ਸਿੰਘ ਬਹਾਦਰ ਚੌਂਕ, ਚਹਿਲ ਰੋਡ ਫ਼ਰੀਦਕੋਟ ਵਿਖੇ ਨਾਕਾਬੰਦੀ ਕੀਤੀ ਗਈ ਤੇ ਬਲਜੀਤ ਸਿੰਘ ਉਰਫ਼ ਕਾਕਾ ਪੁੱਤਰ ਸੁਖਦੇਵ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਥਿਤ ਤੌਰ 'ਤੇ ਚੋਰੀ ਦੇ ਜੌਂਡੀਅਰ ਟਰੈਕਟਰ ਸਮੇਤ ਕਾਬੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਟਰੈਕਟਰ ਕਬਜ਼ੇ 'ਚ ਲੈ ਲਿਆ ਹੈ ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ |