ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ | ਇਸ ਮੁਹਿੰਮ ਤਹਿਤ ਪੁਲਿਸ ਵਲੋਂ ਪੂਰੇ ਜ਼ਿਲ੍ਹੇ ਅੰਦਰ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਤੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਤਲਾਸ਼ੀ ਲਈ ਗਈ | ਇਸ ਦੌਰਾਨ ਜ਼ਿਲ੍ਹੇ ਦੀਆਂ ਚਾਰਾਂ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਤੇ ਲੰਬੀ 'ਚ ਕੁੱਲ 20 ਨਾਕੇ ਲਗਾਏ ਗਏ, ਜਿੱਥੇ ਹਰ ਨਾਕੇ 'ਤੇ ਲਗਭਗ 10 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ | ਇਸ ਤਰ੍ਹਾਂ ਇਸ ਅਭਿਆਨ ਦੌਰਾਨ ਲਗਭਗ 200 ਪੁਲਿਸ ਅਧਿਕਾਰੀ ਤੇ ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹੇ | ਇਸ ਵਿਸ਼ੇਸ਼ ਸਰਚ ਅਭਿਆਨ ਦੌਰਾਨ ਦੋਪਹੀਆ ਤੇ ਚਾਰ ਪਹੀਆ ਵਾਹਨਾਂ 'ਤੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ | ਪੁਲਿਸ ਵਲੋਂ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਪੀ.ਏ.ਆਈ.ਐੱਸ. ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਤੇ ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀ ਦਾ ਨਾ ਹੋਵੇ ਤੇ ਉਹ ਕਿਸੇ ਅਪਰਾਧਕ ਗਤੀਵਿਧੀ ਵਿਚ ਵਰਤਿਆ ਨਾ ਗਿਆ ਹੋਵੇ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਵਲੋਂ ਖ਼ੁਦ ਰਾਤ ਸਮੇਂ ਵੱਖ-ਵੱਖ ਨਾਕਿਆਂ 'ਤੇ ਜਾ ਕੇ ਚੈਕਿੰਗ ਦਾ ਨਿਰੀਖਣ ਕੀਤਾ ਤੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਦੇ ਨਾਲ ਹੀ ਐੱਸ. ਐੱਸ. ਪੀ. ਵਲੋਂ ਥਾਣਾ ਸਿਟੀ ਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਪੈਸ਼ਲ ਚੈਕਿੰਗ ਕੀਤੀ ਗਈ | ਇਸ ਦੌਰਾਨ ਪੀ.ਸੀ.ਆਰ. ਮੋਟਰਸਾਈਕਲਾਂ ਤੇ ਪੁਲਿਸ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ | ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਘਟਨਾ ਜਾਂ ਸ਼ਿਕਾਇਤ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਵਲੋਂ ਜਲਦ ਤੋਂ ਜਲਦ ਮੌਕੇ 'ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਸਕੇ | ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ), ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ, ਨਵੀਨ ਪਾਲ ਸਿੰਘ ਡੀ.ਐੱਸ.ਪੀ. ਮਲੋਟ, ਰਾਜੇਸ਼ ਠਾਕੁਰ ਡੀ. ਐੱਸ. ਪੀ. ਗਿੱਦੜਬਾਹਾ ਅਤੇ ਹਰਬੰਸ ਸਿੰਘ ਡੀ. ਐੱਸ. ਪੀ. ਲੰਬੀ ਵੀ ਮੌਜੂਦ ਸਨ |