ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰਾਂ ਵਲੋਂ ਸੇਲ ਲਿਮਟਿਡ ਪਾਵਰ ਪਲਾਂਟ ਸੇਢਾ ਸਿੰਘ ਵਾਲਾ ਵਿਖੇ 5.37 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 1 ਕੁਇੰਟਲ 78 ਕਿਲੋ ਪੋਸਤ, 8650 ਨਸ਼ੀਲੀਆਂ ਗੋਲੀਆਂ/ਕੈਪਸੂਲ, 202 ਗ੍ਰਾਮ ਆਈਸ ਡਰੱਗ ਤੇ 1 ਕਿਲੋ ਤੋਂ ਵੱਧ ਗਾਂਜਾ ਨੂੰ ਨਸ਼ਟ ਕੀਤਾ ਗਿਆ | ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਨਸ਼ੇ ਦੀ ਇਹ ਭਾਰੀ ਮਾਤਰਾ, ਜੋ 66 ਐਨ.ਡੀ.ਪੀ.ਐਸ. ਮਾਮਲਿਆਂ ਨਾਲ ਸਬੰਧਿਤ ਹੈ, ਜਿਸ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਪੁਲਿਸ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲਗਾਤਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ | ਜਿਸ ਦੇ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਪਿਛਲੇ ਕੁਝ ਸਮੇਂ ਵਿਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿਚ ਬਰਾਮਦਗੀ ਕੀਤੀ ਗਈ ਹੈ, ਜਿਨ੍ਹਾਂ 'ਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਵਿਚ ਪੂਰੀ ਤਰ੍ਹਾਂ ਕਾਰਗਰ ਸਾਬਤ ਹੋਈ ਹੈ, ਜਿਸ ਦੌਰਾਨ ਫ਼ਰੀਦਕੋਟ ਪੁਲਿਸ ਵਲੋਂ ਮਾਰਚ 2025 ਤੋਂ ਲੈ ਕੇ ਹੁਣ ਤੱਕ 1089 ਮੁਕੱਦਮੇ ਦਰਜ ਕਰਕੇ 1652 ਦੋਸ਼ੀ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ | ਐਸ.ਐਸ.ਪੀ ਫ਼ਰੀਦਕੋਟ ਨੇ ਇਸ ਦੌਰਾਨ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ 'ਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ |