ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਅਗਵਾਈ 'ਚ ਡੇਂਗੂ ਦੇ ਅਗੇਤੇ ਪ੍ਰਬੰਧ ਕਰਨ ਲਈ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਟੀਮਾਂ ਨੂੰ ਰਵਾਨਾ ਕੀਤਾ ਗਿਆ | ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੇ ਫ਼ੈਲਣ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਸਿਹਤ ਵਿਭਾਗ ਵਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਹਿਰ ਸ੍ਰੀ ਮੁਕਤਸਰ ਸਾਹਿਬ 'ਚ ਵੱਖ-ਵੱਖ ਏਰੀਏ 'ਚ ਘਰ-ਘਰ ਜਾ ਕੇ ਡੇਂਗੂ ਦੇ ਫ਼ੈਲਣ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਕਰਨਗੀਆਂ ਤੇ ਲੋਕਾਂ ਨੂੰ ਜਾਗਰੂਕ ਕਰਨਗੀਆਂ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ 'ਚ ਤੇ ਘਰਾਂ ਦੇ ਆਸਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਤੇ ਖੜੇ੍ਹ ਪਾਣੀ ਵਿਚ ਲਾਰਵਾ ਵਿਰੋਧੀ ਸਪਰੇਅ ਕੀਤਾ ਜਾਵੇਗਾ | ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੰਫ਼ਲੈਂਟ ਵੰਡੇ ਜਾਣਗੇ ਤੇ ਘਰਾਂ 'ਚ ਖੜੇ੍ਹ ਪਾਣੀ 'ਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ਼ ਬੁਖ਼ਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਤੇ ਸਰੀਰ ਵਿਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਡੇਂਗੂ ਦੇ ਟੈੱਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਲਾਲ ਚੰਦ ਮਾਸ ਮੀਡੀਆ, ਵਿਨੋਦ ਕੁਮਾਰ, ਭਗਵਾਨ ਦਾਸ, ਪਵਿੱਤਰ ਸਿੰਘ, ਸੁਨੀਲ, ਮ.ਪ.ਹ.ਵ. ਮੇਲ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ |