ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਅੱਜ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ 'ਚ ਕਿਹਾ ਗਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲਾਗੂ ਕਰਨਾ ਤਾਂ ਦੂਰ ਮਾਣਯੋਗ ਹਾਈਕੋਰਟ ਵਲੋਂ ਜਾਰੀ ਹੋਏ ਹੁਕਮਾਂ ਨੂੰ ਵੀ ਲਾਗੂ ਨਹੀਂ ਕਰ ਰਹੀ | ਯੂਨੀਅਨ ਦੇ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਜਥੇਬੰਦੀ ਨੇ ਹੁਣ ਸੰਘਰਸ਼ ਦਾ ਝੰਡਾ ਚੁੱਕ ਲਿਆ ਹੈ | ਜਿਸ ਵਜੋਂ ਇਨ੍ਹਾਂ ਮੁਲਾਜ਼ਮਾਂ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਢਿੱਲੋਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪੇ ਤੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਸੁਣੇ ਤੇ ਉਨ੍ਹਾਂ ਨੂੰ ਲਾਗੂ ਕਰੇ, ਨਹੀਂ ਤਾਂ 16 ਮਾਰਚ ਨੂੰ ਡਾਇਰੈਕਟਰ ਦਫ਼ਤਰ ਵਿਕਾਸ ਭਵਨ ਮੋਹਾਲੀ ਵਿਖੇ ਭਰਵੀਂ ਰੈਲੀ ਕਰਕੇ ਡਾਇਰੈਕਟਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਪੱਕਾ ਮੋਰਚਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾਏਗੀ | ਇਸ ਮੌਕੇ ਰਾਜ ਕੁਮਾਰ, ਅਨਿਲ ਕੁਮਾਰ, ਸੁਰਿੰਦਰ ਕੁਮਾਰ, ਬਲਵੰਤ ਸਿੰਘ, ਮਨਪ੍ਰੀਤ ਸਿੰਘ, ਮੀਤੂ ਪਾਰਕ (ਫਾਰਮੇਸੀ ਅਫ਼ਸਰ), ਸ਼ਸ਼ੀ ਬਾਲਾ, ਹਰਮੰਦਰ ਸਿੰਘ ਅਤੇ ਕੌਰ ਸਿੰਘ ਆਦਿ ਹਾਜ਼ਰ ਸਨ |