ਫ਼ਰੀਦਕੋਟ, 2 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਕਿਸਾਨਾਂ ਵਲੋਂ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਰਾਹੀਂ ਮਾਣਯੋਗ ਰਾਸ਼ਟਰਪਤੀ ਭਾਰਤ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਐਮ.ਐਸ.ਪੀ ਦਾ ਗਾਰੰਟੀ ਕਾਨੂੰਨ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ 3+50% ਫ਼ਾਰਮੂਲੇ ਮੁਤਾਬਕ ਫਸਲਾਂ ਦੇ ਭਾਅ, ਕਿਸਾਨਾਂ, ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਆਦਿ ਅਤੇ ਕੇਂਦਰ ਸਰਕਾਰ ਵਲੋਂ ਕਿਸਾਨੀ ਅੰਦੋਲਨ ਅਤੇ ਵੱਖ-ਵੱਖ ਸਮੇਂ ਲਿਖਤ ਵਿਚ ਕੀਤੇ ਗਏ ਵਾਅਦੇ, ਲਿਖਤ ਵਿਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਮੋਦੀ ਸਰਕਾਰ ਵਲੋਂ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਰਾਤ ਦੇ ਹਨੇਰੇ ਵਿਚ ਦੇਸ਼ ਦੇ ਰੀੜ ਦੀ ਹੱਡੀ ਖੇਤੀਬਾੜੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਰਬਾਦ ਕਰਨ ਵਾਲੀ ਕਿਸਾਨ ਮਾਰੂ ਤੇ ਦੇਸ਼ਮਾਰੂ ਸੰਧੀ ਕੀਤੀ ਗਈ ਹੈ ਜਿਸ ਨਾਲ ਪਹਿਲਾਂ ਹੀ ਸਰਕਾਰ ਵਲੋਂ ਐਮਐਸਪੀ ਦਾ ਗਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ 3+ 50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾਂ ਦੇਣ ਕਰਕੇ ਕਿਸਾਨੀ ਦਾ ਆਰਥਿਕ ਤੌਰ 'ਤੇ ਲੱਕ ਟੁੱਟ ਚੁੱਕਿਆ ਹੈ ਅਤੇ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਇਨ੍ਹਾਂ ਖੇਤੀਬਾੜੀ, ਡੇਅਰੀ ਤੇ ਪੋਲਟਰੀ ਖੇਤਰਾਂ ਉੱਪਰ ਲਾਗੂ ਹੁੰਦਾ ਹੈ ਤਾਂ ਫਿਰ ਪਹਿਲਾਂ ਹੀ ਆਤਮ ਹੱਤਿਆ ਦੇ ਰਸਤੇ ਉੱਪਰ ਤੁਰੀ ਕਿਸਾਨੀ ਬਿਲਕੁੱਲ ਖਤਮ ਹੋ ਜਾਵੇਗੀ | ਧਰਨੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਖਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ, ਨਿਰਮਲ ਸਿੰਘ ਢਿਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਜਤਿੰਦਰਜੀਤ ਸਿੰਘ ਭਿੰਡਰ ਨੌਜਵਾਨ ਆਗੂ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀਵਾਲਾ, ਨਾਇਬ ਸਿੰਘ ਢਿੱਲਵਾਂ ਆਦਿ ਹਾਜ਼ਰ ਸਨ |