ਫ਼ਰੀਦਕੋਟ, 4 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਢੂੱਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ, ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਢੁੱਡੀ ਤੋਂ ਪਿੰਡ ਭਾਣਾ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਆਉਂਦੇ ਸ਼ਮਿੰਦਰ ਲਾਲ ਉਰਫ਼ ਰਾਹੁਲ ਵਾਸੀ ਚਹਿਲ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤੇ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 25 ਪਾਬੰਦੀਸ਼ੂਦਾ ਨਸ਼ੇ ਦੀਆਂ ਚੱਟੇ ਰੰਗ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |