ਆੜ੍ਹਤੀਆ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਅਜੀਤ ਡੈਸਕ
07-04-2026
ਫ਼ਰੀਦਕੋਟ, 6 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ | ਉਨ੍ਹਾਂ ਕਿਹਾ ਕਿ ਅਗਲੇ ਕੁੱਝ ਦਿਨਾਂ 'ਚ ਮੰਡੀਆਂ 'ਚ ਕਣਕ ਦੀ ਆਮਦ ਵਿਚ ਤੇਜ਼ੀ ਆਵੇਗੀ ਤੇ ਪੰਜਾਬ ਸਰਕਾਰ ਕਣਕ ਦਾ ਦਾਣਾ ਦਾਣਾ ਖ਼ਰੀਦ ਕਰਨਾ ਯਕੀਨੀ ਬਣਾਏਗੀ | ਡਿਪਟੀ ਕਮਿਸ਼ਨਰ ਨੇ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਮਸਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਨੂੰ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਸ ਸਬੰਧੀ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸੁਖਰਾਜ ਸਿੰਘ, ਐਸ.ਡੀ.ਐਮ. ਜੈਤੋ ਵਿਕਰਮਜੀਤ ਸਿੰਘ, ਡੀ. ਐਫ. ਐਸ. ਸੀ. ਗੁਰਜੀਤ ਸਿੰਘ ਦਿਓਲ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ |