ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਸਮੇਤ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਮੁੱਖ ਅਫ਼ਸਰ ਥਾਣਾ/ਚੌਕੀਆਂ, ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਕੀਰਤਨੀ ਜਥੇ ਨੇ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਨੀ ਕੀਰਤਨ ਨਾਲ ਜੋੜਿਆ | ਐਸ.ਐਸ.ਪੀ ਡਾ. ਪ੍ਰਗਿਆ ਜੈਨ ਸਮੇਤ ਸਾਰੇ ਗਜਟਿਡ ਅਧਿਕਾਰੀਆਂ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ ਕੀਤਾ ਗਿਆ | ਜਿਸ ਉਪਰੰਤ ਸਮੂਹ ਮੌਜੂਦ ਪੁਲਿਸ ਅਧਿਕਾਰੀਆਂ ਤੇ ਸੰਗਤ ਨੇ ਪੰਗਤ ਵਿਚ ਬੈਠ ਕੇ ਸ਼ਰਧਾ ਨਾਲ ਗੁਰੂ ਕਾ ਲੰਗਰ ਛੱਕਿਆ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਸਾਰਿਆਂ ਨੂੰ ਪੁਲਿਸ ਵਿਭਾਗ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਸੁਰੱਖਿਆ, ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ |