ਫ਼ਰੀਦਕੋਟ, 15 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਬਾਬਾ ਗੁਰਪ੍ਰੀਤ ਸਿੰਘ ਜੀ ਅਤੇ ਸਮੂਹ ਸੇਵਾਦਾਰਾਂ ਵਲੋਂ ਮਿਲ ਕੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਬੜੀ ਨਿਮਰਤਾ ਸਹਿਤ ਨਿਭਾਈ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਧਰਮ ਸਿੰਘ ਗਿੱਲ ਨੂੰ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਬਦਲੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤ ਨੇ ਵੱਡੀ ਗਿਣਤੀ 'ਚ ਇਸ ਧਾਰਮਿਕ ਸਮਾਗਮ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਛਾਬੜਾ, ਕੇਵਲ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ, ਕਰਮ ਸਿੰਘ, ਰਾਜੇਸ਼ ਕੁਮਾਰ ਅਤੇ ਹੋਰ ਬਹੁਤ ਸਾਰੇ ਸੇਵਾਦਾਰ ਮੌਜੂਦ ਸਨ | ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ |