ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਤੇ ਪੁਲਿਸ ਪ੍ਰਣਾਲੀ ਦੀ ਕਾਰਗੁਜ਼ਾਰੀ ਨੂੰ ਹੋਰ ਸੁਚੱਜਾ ਬਣਾਉਣ ਦੇ ਮਕਸਦ ਨਾਲ ਸ੍ਰੀਮਤੀ ਨਿਲੰਬਰੀ ਜਗਦਲੇ ਇੰਸਪੈਕਟਰ ਜਨਰਲ ਪੁਲਿਸ ਫ਼ਰੀਦਕੋਟ ਰੇਂਜ ਅਤੇ ਅਭਿਮਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ | ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਚੈਕਿੰਗ ਦੌਰਾਨ ਥਾਣੇ ਦੇ ਹਰ ਮਹੱਤਵਪੂਰਨ ਭਾਗ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਉਨ੍ਹਾਂ ਵਲੋਂ ਮਾਲਖਾਨਾ ਰਿਕਾਰਡ, ਅਸਲਾ ਸਟੋਰ ਤੇ ਉਸ ਦੀ ਮੇਨਟੇਨੈਂਸ, ਡਾਕ ਰਜਿਸਟਰ, ਰੋਜ਼ਨਾਮਚਾ, ਮੈਸ ਪ੍ਰਬੰਧ, ਸੀ.ਸੀ.ਟੀ.ਵੀ. ਕੈਮਰਿਆਂ ਦੀ ਕਾਰਗੁਜ਼ਾਰੀ, ਥਾਣਾ ਬਿਲਡਿੰਗ ਦੀ ਸਥਿਤੀ ਅਤੇ ਹੋਰ ਆਧਾਰਭੂਤ ਸਹੂਲਤਾਂ ਦਾ ਮੁਲਾਂਕਣ ਕੀਤਾ ਗਿਆ | ਉਨ੍ਹਾਂ ਖ਼ਾਸ ਤੌਰ 'ਤੇ ਇਹ ਯਕੀਨੀ ਬਣਾਇਆ ਕਿ ਹਰ ਰਿਕਾਰਡ ਸਹੀ ਤਰੀਕੇ ਨਾਲ ਅਪਡੇਟ ਹੈ ਅਤੇ ਹਰੇਕ ਪ੍ਰਕਿਰਿਆ ਨਿਯਮਾਂ ਅਨੁਸਾਰ ਚੱਲ ਰਹੀ ਹੈ | ਚੈਕਿੰਗ ਦੌਰਾਨ ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਅਧਿਕਾਰੀਆਂ ਦੁਆਰਾ ਥਾਣੇ ਦੇ ਸਟਾਫ਼ ਨਾਲ ਸਿੱਧੀ ਮੁਲਾਕਾਤ ਕੀਤੀ ਗਈ | ਉਨ੍ਹਾਂ ਮੁਲਾਜ਼ਮਾਂ ਦੀਆਂ ਡਿਊਟੀਆਂ, ਕੰਮਕਾਜ ਦੇ ਹਾਲਾਤ ਅਤੇ ਮੌਜੂਦਾ ਚੁਣੌਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ | ਇਸ ਮੌਕੇ ਮੁਲਾਜ਼ਮਾਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ | ਆਈ.ਜੀ. ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ | ਉਨ੍ਹਾਂ ਨਾਕਾਬੰਦੀ, ਰਾਤ ਦੀ ਗਸ਼ਤ ਅਤੇ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਨਿਰੰਤਰ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ | ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੀ ਤੁਰੰਤ ਅਤੇ ਨਿਰਪੱਖ ਸੁਣਵਾਈ ਕੀਤੀ ਜਾਵੇ, ਤਫ਼ਤੀਸ਼ ਅਧੀਨ ਮਾਮਲਿਆਂ ਨੂੰ ਤਰਜ਼ੀਹ ਦੇ ਕੇ ਜਲਦੀ ਨਿਪਟਾਇਆ ਜਾਵੇ |