ਗਿੱਦੜਬਾਹਾ, 19 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ 2 ਵਿਅਕਤੀਆਂ ਨੂੰ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੰਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਦੇਵ ਸਿੰਘ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਜਦੋਂ ਹਸਨਰ ਤੋਂ ਪਿੰਡ ਗੁਰੂਸਰ ਵੱਲ ਜਾ ਰਹੇ ਸਨ ਤਾਂ ਪੁਲਿਸ ਪਾਰਟੀ ਨੂੰ ਸੂਏ ਦੀ ਪਟੜੀ 'ਤੇ 2 ਵਿਅਕਤੀ ਬੈਠੇ ਦਿਖਾਈ ਦਿੱਤੇ, ਜੋ ਇਕ ਮੋਮੀ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰ ਰਹੇ ਸਨ | ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਮੌਕੇ ਤੋਂ ਖਿਸਕਣ ਲੱਗੇ | ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 100 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਜਗਦੀਸ਼ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਸੋਨੂ ਪੁੱਤਰ ਬੂਟਾ ਸਿੰਘ ਵਾਸੀਆਨ ਪਿੰਡ ਗੁਰੂਸਰ ਵਜੋਂ ਹੋਈ ਹੈ | ਪੁਲਿਸ ਨੇ ਉਕਤਾਨ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |