ਕੋਟਕਪੂਰਾ, 19 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਤੇ ਸਾਰੀਆਂ ਬ੍ਰਾਚਾਂ ਦੇ ਆਗੂਆਂ ਦੀ ਮੀਟਿੰਗ 23 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ, ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ, ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ ਅਤੇ ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਹੈ ਕਿ ਮੀਟਿੰਗ 'ਚ ਪਿਛਲੇ ਸਮੇਂ ਦੌਰਾਨ ਹੋਏ ਐਕਸ਼ਨਾਂ ਦਾ ਲੇਖਾ-ਜੋਖਾ ਕੀਤਾ ਜਾਵੇਗਾ | ਇਸ ਤੋਂ ਇਲਾਵਾ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ 'ਤੇ ਵੱਖ-ਵੱਖ ਥਾਵਾਂ 'ਤੇ ਝੰਡੇ ਲਹਿਰਾਉਣ ਉਪਰੰਤ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਕੀਤੀਆਂ ਜਾ ਰਹੀਆਂ ਸਾਂਝੀਆਂ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਤੇ 17 ਮਈ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਨੂੰ ਕਾਮਯਾਬ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ.ਏ ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਤੁਰੰਤ ਸਥਾਪਨਾ ਕੀਤੀ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ |