ਫ਼ਰੀਦਕੋਟ, 20 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਕੋਟਕਪੂਰਾ ਰੋਡ 'ਤੇ ਸ਼ੂਗਰ ਮਿੱਲ ਪਾਸ ਮੌਜੂਦ ਸਨ, ਤੋਂ ਬੰਦ ਪਈ ਸ਼ੂਗਰ ਮਿੱਲ ਦੇ ਖਾਲੀ ਮੈਦਾਨ ਵਿਚੋਂ ਸੰਦੀਪ ਸਿੰਘ ਉਰਫ਼ ਸੈਡੀ ਪੁੱਤਰ ਗੁਰਜੰਟ ਸਿੰਘ ਤੇ ਮਹਿਕਦੀਪ ਸਿੰਘ ਉਰਫ਼ ਮਹਿਕ ਪੁੱਤਰ ਮੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਰੁਪਈਆਂਵਾਲਾ ਤੋਂ ਬਾਜਨ ਉਰਫ਼ ਬਾਜ ਪੁੱਤਰ ਬੱਬੂ ਕੁਮਾਰ ਤੇ ਖਨੀਸ਼ ਪੁੱਤਰ ਸੋਨੂੰ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 4.56 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |