ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਦੀ ਸਿੱਖ ਸੰਗਤ ਵਲੋਂ ਗੁਰਦੁਆਰਾ ਸਾਹਿਬ ਛੋਟੇ ਸਾਹਿਬਜ਼ਾਦੇ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤ ਅਤੇ ਨਗਰ ਨਿਵਾਸੀਆਂ ਨੇ ਪੰਜਾਬ ਵਿਧਾਨ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਸਰਬਸੰਮਤੀ ਨਾਲ ਮਤਾ 2026 ਪਾਸ ਕਰਨ ਦੀ ਭਰਪੂਰ ਸ਼ਲਾਘਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਜੋ ਸਖ਼ਤ ਕਾਨੂੰਨ ਵਿਸਾਖੀ ਦੇ ਪਵਿੱਤਰ ਦਿਨ ਪੰਜਾਬ ਸਰਕਾਰ ਵਲੋਂ ਪਾਸ ਕੀਤਾ ਗਿਆ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਇਹ ਮੰਗ ਕਾਫ਼ੀ ਸਮੇਂ ਤੋਂ ਚੱਲ ਰਹੀ ਸੀ ਕਿ ਬੇਅਦਬੀ ਦੇ ਮਾਮਲਿਆਂ ਵਿਚ ਸਖ਼ਤ ਕਾਨੂੰਨ ਬਣਾਇਆ ਜਾਵੇ | ਸੰਗਤ ਨੇ ਹੋਰ ਕਿਹਾ ਕਿ ਗੁਰੂ ਸਾਹਿਬਾਨ ਦੀ ਕਿ੍ਪਾ ਅਤੇ ਸੰਗਤਾਂ ਦੀਆਂ ਅਰਦਾਸਾਂ ਦੇ ਸਦਕਾ ਇਹ ਨੇਕ ਕਾਰਜ ਸੰਭਵ ਹੋਇਆ ਹੈ | ਇਸ ਮੌਕੇ ਸਪੀਕਰ ਸੰਧਵਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਸਖ਼ਤ ਕਾਨੂੰਨ ਨੂੰ ਮਾਨਯੋਗ ਰਾਜਪਾਲ ਵਲੋਂ ਮਨਜ਼ੂਰੀ ਮਿਲ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਸੀਂ ਅਕਾਲ ਪੁਰਖ ਦੇ ਚਰਨਾਂ ਵਿਚ ਨਤਮਸਤਕ ਹਾਂ, ਜਿਸ ਨੇ ਸੰਗਤ ਦੀਆਂ ਅਰਦਾਸਾਂ ਕਬੂਲ ਕੀਤੀਆਂ ਅਤੇ ਇਹ ਵਡਮੁੱਲੀ ਸੇਵਾ ਸਾਡੇ ਹਿੱਸੇ ਪਾਈ | ਇਸ ਮੌਕੇ ਪਿੰਡ ਦੇ ਸਰਪੰਚ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਨਗਰ ਦੀ ਸੰਗਤ ਵੱਡੀ ਗਿਣਤੀ 'ਚ ਹਾਜ਼ਰ ਸੀ |