ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਨ ਮਨਾਇਆ ਗਿਆ ਅਤੇ ਇਸ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਮਨਪ੍ਰੀਤ ਸਿੰਘ ਦੇ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਵਲੋਂ ਸੰਗਤ ਨੂੰ ਭਗਤ ਧੰਨਾ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਗਈ | ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਨੇ ਭਗਤ ਧੰਨਾ ਜੱਟ ਦੇ ਜੀਵਨ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਇਕ ਸਧਾਰਨ ਕਿਸਾਨ ਪਰਿਵਾਰ ਵਿਚੋਂ ਸਨ | ਆਪ ਉਨ੍ਹਾਂ ਸਿਦਕਵਾਨਾਂ ਵਿਚੋਂ ਸਨ, ਜਿਹੜੇ ਆਪਣੇ ਹੱਥ ਕਿਰਤ ਵੱਲ ਅਤੇ ਚਿੱਤ ਨਿਰੰਕਾਰ ਵੱਲ ਲਾਈ ਰੱਖਦੇ ਸਨ | ਉਨ੍ਹਾਂ ਦੀ ਬਾਣੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪ੍ਰਮਾਤਮਾ ਕਿਸੇ ਵਿਸ਼ੇਸ਼ ਜਾਤ ਜਾਂ ਕਰਮਕਾਂਡਾਂ ਨਾਲ ਨਹੀਂ, ਬਲਕਿ ਨਿਰਮਲ ਮਨ ਅਤੇ ਸੱਚੀ ਲਗਨ ਨਾਲ ਪ੍ਰਾਪਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦੀ ਭਗਤੀ ਭਾਵਨਾ ਜਿੱਥੇ ਪਖੰਡਵਾਦ ਤੋਂ ਨਿਰਲੇਪ ਹੈ, ਉੱਥੇ ਸੱਚੀ ਤੇ ਸੁੱਚੀ ਕਿਰਤ ਕਰਦਿਆਂ ਕਰਤਾਰ ਨਾਲ ਜੁੜਨ ਦੀ ਇਕ ਅਤਿ ਉਤਮ ਮਿਸਾਲ ਵੀ ਹੈ | ਇਸ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ |