ਜੈਤੋ, 21 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਸਬ ਡਵੀਜਨ ਜੈਤੋ ਅਧੀਨ ਪੈਂਦੇ ਪੁਲਿਸ ਥਾਣਾ ਜੈਤੋ ਵਿਚ ਤਾਇਨਾਤ ਏ.ਐੱਸ.ਆਈ. ਹਰਪਾਲ ਸਿੰਘ ਨੂੰ 73,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ. ਐੱਸ. ਪੀ. ਵਿਜੀਲੈਂਸ ਫ਼ਰੀਦਕੋਟ ਵਿਨੋਦ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਥਿਤ ਦੋਸ਼ੀ ਏ.ਐੱਸ.ਆਈ. ਹਰਪਾਲ ਸਿੰਘ 'ਤੇ ਟਿੱਬੀ ਸਾਹਿਬ ਰੋਡ ਜੈਤੋ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ | ਸ਼ਿਕਾਇਤਕਰਤਾ ਦੇ ਅਨੁਸਾਰ ਉਸ ਦੇ ਪਤੀ ਲਖਵੀਰ ਸਿੰਘ ਉਰਫ਼ ਲੱਕੀ ਅਤੇ ਸੱਸ ਜਸਵੀਰ ਕੌਰ ਨੂੰ ਕੁਝ ਦਿਨ ਪਹਿਲਾਂ ਜੈਤੋ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ | ਇਸ ਸਬੰਧੀ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਜਾਂਚ ਕਰ ਰਹੇ ਏ. ਐੱਸ. ਆਈ. ਹਰਪਾਲ ਸਿੰਘ ਨੇ ਗੁਰਪ੍ਰੀਤ ਕੌਰ ਨੂੰ ਵੀ ਮਾਮਲੇ ਵਿਚ ਫ਼ਸਾਉਣ ਦੀ ਧਮਕੀ ਦਿੱਤੀ ਅਤੇ ਇਸ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਮੰਗੀ | ਦਬਾਅ ਅਤੇ ਧਮਕੀਆਂ ਤੋਂ ਤੰਗ ਆ ਕੇ ਗੁਰਪ੍ਰੀਤ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ | ਉਨ੍ਹਾਂ ਕਿਹਾ ਕਿ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇੰਸਪੈਕਟਰ ਸੰਦੀਪ ਸਿੰਘ ਦੀ ਅਗਵਾਈ ਹੇਠ ਟੀਮ ਨੇ ਜਾਲ ਵਿਛਾਇਆ | ਕਾਰਵਾਈ ਦੌਰਾਨ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਏ.ਐੱਸ.ਆਈ. ਹਰਪਾਲ ਸਿੰਘ ਨੂੰ 33,500 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਡੀ.ਐੱਸ.ਪੀ. ਵਿਜੀਲੈਂਸ ਅਨੁਸਾਰ ਦੋਸ਼ੀ ਪਹਿਲਾਂ ਹੀ 40,000 ਰੁਪਏ ਦੀ ਰਕਮ ਵਜੋਂ ਇਕ ਕਿਸ਼ਤ ਲੈ ਚੁੱਕਾ ਸੀ | ਇਸ ਤਰ੍ਹਾਂ ਕੁੱਲ 73,500 ਰੁਪਏ ਦੀ ਰਿਸ਼ਵਤ ਦੀ ਪੁਸ਼ਟੀ ਹੋਈ ਹੈ | ਵਿਜੀਲੈਂਸ ਬਿਊਰੋ ਨੇ ਦੋਸ਼ੀ ਏ.ਐੱਸ.ਆਈ. ਖ਼ਿਲਾਫ਼ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਹਿਲਾਂ ਵੀ ਰਿਸ਼ਵਤ ਦੇ ਮਾਮਲੇ 'ਚ ਇਕ ਕੇਸ ਦੌਰਾਨ ਬਰੀ ਹੋਇਆ ਹੈ |