ਫ਼ਰੀਦਕੋਟ, 25 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਕੋਟਕਪੂਰਾ ਰੋਡ 'ਤੇ ਸ਼ੂਗਰ ਮਿੱਲ ਪਾਸ ਮੌਜੂਦ ਸਨ ਤੋਂ ਬੰਦ ਪਈ ਸ਼ੂਗਰ ਮਿੱਲ ਦੇ ਖਾਲੀ ਮੈਦਾਨ ਵਿਚੋਂ ਬੋਹੜ ਸਿੰਘ ਪੁੱਤਰ ਗੱਬਰ ਸਿੰਘ ਅਤੇ ਸੁਖਦੀਪ ਸਿੰਘ ਪੁੱਤਰ ਬਲਧੀਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 20 ਗ੍ਰਾਮ ਹੈਰੋਇਨ ਸਮੇਤ ਲਿਫ਼ਾਫਾ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |