ਗਿੱਦੜਬਾਹਾ, 26 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਦੌਰਾਨੇ ਗਸ਼ਤ ਰੇਲਵੇ ਲਾਈਨ ਦੇ ਨਾਲ-ਨਾਲ ਪਿੰਡ ਦੌਲਾ ਨੂੰ ਜਾ ਰਹੇ ਸਨ, ਤਾਂ ਮਾਨ ਢਾਣੀਆਂ ਦੇ ਨਜ਼ਦੀਕ ਦਰੱਖ਼ਤਾਂ ਹੇਠ 2 ਵਿਅਕਤੀ ਇਕ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰਦੇ ਦਿਖਾਈ ਦਿੱਤੇ | ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕਾ ਤੋਂ ਖਿਸਕਣ ਲੱਗੇ | ਪੁਲਿਸ ਵਲੋਂ ਉਕਤ ਵਿਅਕਤੀਆਂ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 70 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਡਿੰਪੀ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਹਿਰਾਜਵਾਲਾ ਅਤੇ ਲਖਵੀਰ ਸਿੰਘ ਉਰਫ਼ ਲੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਟਿੱਬੀ ਰੋਡ ਪਿੰਡ ਪਿਓਰੀ ਵਜੋਂ ਹੋਈ ਹੈ | ਪੁਲਿਸ ਨੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |