ਮਲੋਟ, 27 ਅਪ੍ਰੈਲ (ਪਾਟਿਲ)-ਕਾਂਗਰਸ ਪਾਰਟੀ ਮਲੋਟ ਸ਼ਹਿਰ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਕਿਹਾ ਕਿ ਗਰਮੀ ਦੇ ਕਹਿਰ 'ਚ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਰਕਾਰਾਂ ਵਲੋਂ ਬਿਜਲੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਂਦੇ ਹਨ, ਪਰ ਇਸ ਇਲਾਕੇ 'ਚ ਰੋਜ਼ਾਨਾ ਹੀ ਬਹੁਤ ਵੱਡੇ-ਵੱਡੇ ਬਿਜਲੀ ਦੇ ਕੱਟ ਲੱਗ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਤਾਂ ਰਾਤ ਨੂੰ ਵੀ ਰੋਜ਼ਾਨਾ ਹੀ ਬਿਜਲੀ ਦੇ ਬੇਹਿਸਾਬ ਕੱਟ ਲੱਗ ਰਹੇ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵਲੋਂ ਗਰਮੀ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾਂਦੇ ਸਨ, ਪਰ ਮੌਜੂਦਾ ਸਰਕਾਰ ਦੀ ਅਣਗਹਿਲੀ ਕਾਰਨ ਅੱਜ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ, ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵਲੋਂ ਬਿਜਲੀ ਵਿਭਾਗ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ |