ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਹਰਮਹਿੰਦਰ ਪਾਲ)-ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ 'ਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ | ਇਸ ਮੌਕੇ ਪ੍ਰੋਫ਼ੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ | ਮੀਟਿੰਗ ਦੌਰਾਨ ਪ੍ਰੋਫ਼ੈਸਰ ਆਸੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਵਪਾਰੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਇਨ੍ਹਾਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ, ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ 'ਤੇ ਹੱਲ ਨਹੀਂ ਹੋ ਸਕਦੀਆਂ, ਉਨ੍ਹਾਂ ਸਮੱਸਿਆਵਾਂ ਨੂੰ ਮੁੱਖ ਦਫ਼ਤਰ ਪੱਧਰ 'ਤੇ ਹੱਲ ਕਰਵਾਈਆਂ ਜਾਣਗੀਆਂ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰੀਵਿਊ ਕੀਤਾ ਜਾ ਰਿਹਾ ਹੈ ਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਸ਼ਹਿਰ 'ਚ ਵਧ ਰਹੇ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਉਨ੍ਹਾਂ ਟ੍ਰੈਫ਼ਿਕ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਗਏ ਹਨ ਤੇ ਇਸ ਤੋਂ ਇਲਾਵਾ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ | ਮੀਟਿੰਗ ਦੌਰਾਨ ਕਾਰਜ ਸਾਧਕ ਅਫ਼ਸਰ ਗਿੱਦੜਬਾਹਾ ਨੇ ਦੱਸਿਆ ਕਿ ਗਿੱਦੜਬਾਹਾ ਵਿਖੇ ਬੰਦ ਪਏ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਕਿਰਨਦੀਪ ਸਿੰਘ ਸਿੱਧੂ ਐੱਸ. ਡੀ. ਐੱਮ. ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਐੱਸ. ਡੀ. ਐੱਮ. ਗਿੱਦੜਬਾਹਾ ਆਦਿ ਮੌਜੂਦ ਸਨ |