ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਡੋਰ-ਟੂ-ਡੋਰ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਅੱਜ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆ ਕਿਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੱਚੇ ਡੋਰ-ਟੂ-ਡੋਰ ਸਫ਼ਾਈ ਕਰਮੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਬੰਟੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸੰਬੰਧੀ ਜਾਣੂ ਕਰਵਾਇਆ | ਡਿਪਟੀ ਕਮਿਸ਼ਨਰ ਨੇ ਸਫ਼ਾਈ ਕਰਮੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ | ਕਿਸੇ ਵੀ ਸਫ਼ਾਈ ਕਰਮਚਾਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਭਵਿੱਖ ਵਿਚ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਐਡਵੋਕੇਟ ਸਾਗਰ ਧਵਨ, ਅਮਨ ਕੁਮਾਰ, ਰਾਹੁਲ ਕੁਮਾਰ, ਬੰਟੀ ਕੁਮਾਰ, ਵਿਜੇ ਕੁਮਾਰ, ਸੰਦੀਪ ਕੁਮਾਰ, ਕਾਕੂ, ਅਸ਼ਵਨੀ ਕੁਮਾਰ ਅਤੇ ਹੋਰ ਸਫ਼ਾਈ ਯੂਨੀਅਨ ਦੇ ਆਗੂ ਮੌਜੂਦ ਸਨ |