ਫ਼ਰੀਦਕੋਟ, 2 ਮਈ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਫ਼ਿਰੋਜ਼ਪੁਰ ਰੋਡ, ਫ਼ਰੀਦਕੋਟ ਮੌਜੂਦ ਸਨ ਸੇਮਨਾਲੇ ਨਜ਼ਦੀਕ ਕੀਤੀ ਗਈ ਨਾਕਾਬੰਦੀ ਦੌਰਾਨ ਕੁਲਵਿੰਦਰ ਸਿੰਘ ਡੀ.ਸੀ. ਪੁੱਤਰ ਇੰਦਰਜੀਤ ਸਿੰਘ ਅਤੇ ਸਤਨਾਮ ਸਿੰਘ ਸੱਤਾ ਪੁੱਤਰ ਹਰਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 48 ਚਿੱਟੇ ਰੰਗ ਦੀਆਂ ਪਾਬੰਦੀ ਸ਼ੂਦਾ ਨਸ਼ੇ ਦੀਆਂ ਖੁਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਵਲੋਂ ਪਿੰਡਾਂ 'ਚ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਟਹਿਣਾ ਤੋਂ ਬੂਟਾ ਸਿੰਘ ਪੁੱਤਰ ਜੋਗਿੰਦਰ ਵਾਸੀ ਟਹਿਣਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ .ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸ਼ੁਸ਼ੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਗੋਲੇਵਾਲਾ, ਹੱਸਣ ਭੱਟੀ, ਕਾਬਲਵਾਲਾ, ਝਾੜੀਵਾਲਾ ਆਦਿ ਵਿਚ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਗੋਲੇਵਾਲਾ ਤੋਂ ਨਿਰਮਲ ਸਿੰਘ ਉਰਫ਼ ਨਿਸ਼ਾਨ ਪੁੱਤਰ ਜੇਠੂ ਵਾਸੀ ਪਿੰਡ ਕਾਬਲਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 10 ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ |