ਸ੍ਰੀ ਮੁਕਤਸਰ ਸਾਹਿਬ, 2 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਭੁੱਟੀਵਾਲਾ ਆਦਿ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਯੂਨੀਅਨ ਆਗੂਆਂ ਤੇ ਵਰਕਰਾਂ ਨੇ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਪੇਸ਼ ਕਰਦਿਆਂ ਉਨ੍ਹਾਂ ਦੇ ਸੰਘਰਸ਼ੀ ਵਿਰਸੇ ਨੂੰ ਅੱਗੇ ਵਧਾਉਣ ਦਾ ਅਹਿਦ ਲਿਆ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਖ਼ਜ਼ਾਨਚੀ ਬਾਜ ਸਿੰਘ ਭੁੱਟੀਵਾਲਾ ਸਮੇਤ ਹੋਰ ਆਗੂਆਂ ਕਾਲਾ ਸਿੰਘ ਖੂੰਨਣ ਖੁਰਦ, ਰਾਜਾ ਸਿੰਘ ਖੂੰਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਤਰਸੇਮ ਸਿੰਘ ਖੁੰਡੇ ਹਲਾਲ, ਗੁਰਜੰਟ ਸਿੰਘ ਸਾਉਂਕੇ, ਕਾਲਾ ਸਿੰਘ ਸਿੰਘੇਵਾਲਾ, ਤਾਰਾਵੰਤੀ ਕਿੱਲਿਆਂਵਾਲੀ, ਤਾਰਾ ਸਿੰਘ, ਮੱਖਣ ਸਿੰਘ ਤੇ ਗੁਰਮੇਲ ਸਿੰਘ ਸਿੰਘੇਵਾਲਾ ਨੇ ਕਿਹਾ ਕਿ 1886 ਵਿਚ ਸ਼ਿਕਾਂਗੋ ਦੇ ਮਜ਼ਦੂਰਾਂ ਨੇ ਅਰਧ-ਗੁਲਾਮੀ ਵਾਲੀ ਜ਼ਿੰਦਗੀ ਅਤੇ 18 ਤੋਂ 24 ਘੰਟੇ ਦੇ ਲੰਮੇ ਕੰਮਕਾਜੀ ਸਮੇਂ ਖ਼ਿਲਾਫ਼ ਅਵਾਜ਼ ਬੁਲੰਦ ਕੀਤੀ ਸੀ | ਉਨ੍ਹਾਂ ਦੱਸਿਆ ਕਿ ਉਸ ਸੰਘਰਸ਼ ਦੌਰਾਨ ਸ਼ਹੀਦ ਹੋਏ ਮਜ਼ਦੂਰਾਂ ਦੇ ਖ਼ੂਨ ਨਾਲ ਹੀ ਮਜ਼ਦੂਰ ਜਮਾਤ ਨੂੰ 8 ਘੰਟੇ ਦੀ ਦਿਹਾੜੀ ਅਤੇ ਯੂਨੀਅਨ ਬਣਾਉਣ ਵਰਗੇ ਅਧਿਕਾਰ ਪ੍ਰਾਪਤ ਹੋਏ ਸਨ | ਮੌਜੂਦਾ ਹਾਲਾਤਾਂ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰਾਂ ਵਲੋਂ ਮਜ਼ਦੂਰਾਂ ਤੋਂ 12-12 ਘੰਟੇ ਕੰਮ ਲੈਣ ਦੇ ਨੋਟੀਫ਼ਿਕੇਸ਼ਨ ਜਾਰੀ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰੇ ਕੀਤੇ ਜਾ ਰਹੇ ਹਨ | ਆਗੂਆਂ ਚਿਤਾਵਨੀ ਦਿੱਤੀ ਕਿ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਤੇ ਮਜ਼ਦੂਰਾਂ ਨੂੰ ਕੰਮ ਤੋਂ ਵਾਂਝੇ ਕਰਨ ਦੀਆਂ ਕੋਸ਼ਿਸ਼ਾਂ ਸਹਿਣ ਨਹੀਂ ਕੀਤੀਆਂ ਜਾਣਗੀਆਂ | ਯੂਨੀਅਨ ਵਲੋਂ ਮੰਗ ਕੀਤੀ ਗਈ ਕਿ ਮਨਰੇਗਾ ਕਾਨੂੰਨ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ | ਅਖ਼ੀਰ ਵਿਚ ਸਮੂਹ ਮਜ਼ਦੂਰ ਵਰਗ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਲਾਮਬੰਦ ਹੋਣ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨ |