ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਭਾਜਪਾ ਨੇਤਾ ਅਤੇ ਪੀ.ਪੀ.ਐਸ.ਸੀ. ਦੇ ਸਾਬਕਾ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਵਿਖੇ ਇਕ ਸ਼ਿਸਟਾਚਾਰ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਵਿਆਪਕ ਚਰਚਾ ਕੀਤੀ | ਇਸ ਮਹੱਤਵਪੂਰਨ ਮੁਲਾਕਾਤ ਦੌਰਾਨ ਭਾਈ ਰਾਹੁਲ ਸਿੱਧੂ ਨੇ ਖ਼ਾਸ ਤੌਰ 'ਤੇ ਪੰਜਾਬ ਦੇ ਕਿਸਾਨਾਂ ਨਾਲ ਸੰਬੰਧਿਤ ਗੰਭੀਰ ਮਸਲਿਆਂ ਨੂੰ ਉਠਾਇਆ | ਉਨ੍ਹਾਂ ਨੇ ਕਿਸਾਨੀ ਸੰਕਟ, ਫ਼ਸਲਾਂ 'ਤੇ ਬੇਮੌਸਮੀ ਮਾਰ, ਕਰਜ਼ੇ ਦੀ ਭਾਰੀ ਪੰਡ ਵਰਗੇ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਵੀ ਵਿਚਾਰ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਵਿਗੜ ਰਹੀ ਕਾਨੂੰਨ ਵਿਵਸਥਾ, ਗੈਂਗਸਟਰਵਾਦ, ਫਿਰੌਤੀ ਕਾਲਾਂ ਤੋਂ ਇਲਾਵਾ ਨੌਜਵਾਨਾਂ ਵਿਚ ਨਸ਼ੇ ਦੇ ਵੱਧ ਰਹੇ ਰੁਝਾਨ ਤੇ ਹਰ ਰੋਜ਼ ਨਸ਼ੇ ਨਾਲ ਹੋ ਰਹੀਆਂ ਮੌਤਾਂ ਬਾਰੇ ਵੀ ਆਪਣੀ ਚਿੰਤਾ ਜਾਹਿਰ ਕੀਤੀ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਹ ਯਕੀਨ ਦਿਵਾਇਆ ਕਿ ਉਹ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਕੇਂਦਰ ਸਰਕਾਰ ਕੋਲ ਉਠਾਉਣਗੇ | ਉਨ੍ਹਾਂ ਨੇ ਕਿਹਾ ਕਿ ਕਿਸਾਨੀ ਖੇਤਰ ਦੀ ਮਜ਼ਬੂਤੀ ਅਤੇ ਕਿਸਾਨਾਂ ਦੀ ਭਲਾਈ ਲਈ ਮਿਲਜੁਲ ਕੇ ਹੱਲ ਲੱਭਣ ਦੀ ਲੋੜ ਹੈ | ਭਾਈ ਰਾਹੁਲ ਸਿੱਧੂ ਨੇ ਉਮੀਦ ਜਤਾਈ ਕਿ ਭਾਜਪਾ ਦੀ ਕੇਂਦਰੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪਹਿਲਾਂ ਵਾਂਗ ਹੀ ਠੋਸ ਕਦਮ ਚੁੱਕਦੀ ਰਹੇਗੀ | ਜਿਸ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਿਕਲਣ ਵਿਚ ਮਦਦ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ | ਇਹ ਮੁਲਾਕਾਤ ਰਾਜਨੀਤਿਕ ਤੌਰ 'ਤੇ ਵੀ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਇਹ ਦੋਨਾਂ ਰਾਜਾਂ ਵਿਚਕਾਰ ਸਾਂਝ ਅਤੇ ਸੰਵਾਦ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਸਕਾਰਾਤਮਕ ਕਦਮ ਹੈ |