ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- 'ਆਮ ਆਦਮੀ ਪਾਰਟੀ' ਦੇ ਟਰੇਡ ਵਿੰਗ ਵਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਸਥਾਨਕ ਫਾਇਰ ਬਿ੍ਗੇਡ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨੇ ਹੱਥਾਂ ਵਿਚ ਸਿਲੰਡਰ ਫੜ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਮੋਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਬੇਹਤਾਸ਼ਾ ਵਾਧਾ ਛੋਟੇ ਕਾਰੋਬਾਰੀਆਂ ਲਈ ਵੱਡਾ ਝਟਕਾ ਹੈ | ਇਸ ਨਾਲ ਜਿਥੇ ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਵਾਲਿਆਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ, ਉਥੇ ਇਸ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਵੀ ਪਵੇਗਾ ਕਿਉਂਕਿ ਉਨ੍ਹਾਂ ਨੂੰ ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਵਿਚ ਖਾਣ-ਪੀਣ ਬਦਲੇ ਦੁੱਗਣੀ ਰਾਸ਼ੀ ਅਦਾ ਕਰਨੀ ਪਵੇਗੀ | ਉਨ੍ਹਾਂ ਮੰਗ ਕੀਤੀ ਕਿ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਵਧਾਈਆਂ ਗਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ | ਹਰਮੰਦਰ ਸਿੰਘ ਬਰਾੜ ਮਾਲਵਾ ਕੋਆਰਡੀਨੇਟਰ ਸਿੱਖਿਆ ਵਿੰਗ ਪੰਜਾਬ ਨੇ ਕਿਹਾ ਕਿ ਕਮਰਸ਼ੀਅਲ ਸਿਲੰਡਰ ਮਹਿੰਗਾ ਹੋਣ ਸਿਰਫ਼ ਕਾਰੋਬਾਰੀਆਂ ਲਈ ਹੀ ਨਹੀਂ ਸਗੋਂ ਆਮ ਲੋਕਾਂ ਲਈ ਵੀ ਮੁਸ਼ਕਿਲ ਵਧਾਉਂਦਾ ਹੈ | ਇਸ ਨਾਲ ਖਾਣ-ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਵੀ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫੈਸਲਾ ਲੋਕ ਵਿਰੋਧੀ ਫੈਸਲਾ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਮੰਗ ਕਰਦੇ ਹਨ ਕਿ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ | ਚੇਅਰਮੈਨ ਸੁਰਿੰਦਰ ਬਿੱਟੂ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਨੇ ਆਮ ਲੋਕਾਂ ਨੂੰ ਲਾਚਾਰ ਬਣਾ ਕੇ ਰੱਖ ਦਿੱਤਾ ਹੈ | ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਲੋਕਾਂ ਲਈ ਰੋਜ਼-ਮਰਾਂ ਦਾ ਕੰਮ-ਕਾਰ ਚਲਾਉਣਾ ਵੀ ਔਖਾ ਹੋ ਗਿਆ ਹੈ | ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਇਸ ਮੁਸ਼ਕਿਲ ਦੌਰ ਨੂੰ ਹੋਰ ਵੀ ਗੰਭੀਰ ਬਣਾ ਰਿਹਾ ਹੈ, ਇਸ ਦਾ ਸਿੱਧਾ ਅਸਰ ਛੋਟੇ ਵਪਾਰੀਆਂ ਅਤੇ ਆਮ ਗਾਹਕਾ 'ਤੇ ਪੈ ਰਿਹਾ ਹੈ ਇਸ ਕਰਕੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਇਸ ਮੌਕੇ ਸਾਰੇ ਵਿੰਗਾਂ ਦੇ ਪ੍ਰਧਾਨ ਅਤੇ ਵਲੰਟੀਅਰ ਵੀ ਮੌਜੂਦ ਰਹੇ¢