ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਦੇ ਸਾਹਮਣੇ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇ | ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਕੰਮ ਲੈਣ ਵਾਸਤੇ ਆਂਗਣਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਵਾਉਣੇ ਜਿਵੇਂ ਜਨਗਣਨਾ, ਆਰਥਿਕ ਸਰਵੇ, ਡਰੱਗ ਸਰਵੇ ਆਦਿ ਬੰਦ ਕੀਤੇ ਜਾਣ | ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚੇ ਵਾਪਸ ਆਂਗਣਵਾੜੀਆਂ ਵਿਚ ਭੇਜੇ ਜਾਣ, ਐਨ.ਜੀ.ਓ. ਨੂੰ ਦਿੱਤੇ ਬਲਾਕਾਂ ਦਾ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕੇ ਨੂੰ ਲਾਗੂ ਕੀਤਾ ਜਾਵੇ | ਇਸ ਧਰਨੇ ਨੂੰ ਨਰਿੰਦਰ ਕੌਰ, ਵੀਰਪਾਲ ਕੌਰ, ਸੰਦੀਪ ਕੌਰ, ਬਲਜਿੰਦਰ ਕੌਰ, ਮਲਕੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਇੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਤਜਿੰਦਰ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਕਿਰਨਪਾਲ ਕੌਰ ਆਦਿ ਆਗੂਆਂ ਨੇ ਸੰਬੋਧਨ ਕੀਤਾ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਸਪੁੱਤਰ ਬਿਕਰਮਬਾਜ ਸਿੰਘ ਬਰਾੜ ਨੇ ਧਰਨੇ ਵਿਚ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ |