ਫ਼ਰੀਦਕੋਟ, 5 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਖੀ ਕਲਾਂ ਤੋਂ ਨਸ਼ੇ ਦੀਆਂ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਪੱਖੀ ਕਲਾਂ ਅਤੇ ਪਿੰਡ ਹਰਦਿਆਲੇਆਣਾ ਆਦਿ ਨੂੰ ਜਾ ਰਹੇ ਸਨ ਤਾਂ ਸੇਮ ਨਾਲੇ ਦੀ ਪਟੜੀ ਤੋਂ ਗੁਰਲਾਲ ਸਿੰਘ ਗੋਰਾ ਪੁੱਤਰ ਦਰਸ਼ਨ ਸਿੰਘ ਵਾਸੀ ਪੱਖੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 28 ਪਾਬੰਦੀਸ਼ੂਦਾ ਨਸ਼ੇ ਦੀਆਂ ਚਿੱਟੇ ਰੰਗ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |