ਫ਼ਰੀਦਕੋਟ, 6 ਮਈ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਜੇਲ੍ਹ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਵੀਰਪਾਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਬਲਾਕ 11 ਦੀ ਬੈਰਕ ਨੰਬਰ 5 ਵਿਚ ਨਜ਼ਰਬੰਦ ਹਵਾਲਾਤੀ ਕਮਲਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਹਵਾਲਾਤੀ ਇੰਦਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਹਾਵਲਾਤੀ ਟਿੰਕਾ ਉਰਫ਼ ਟਿੰਕੂ ਪੁੱਤਰ ਜੀਵਨ ਲਾਲ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਤਿੰਨਾਂ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |