ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਕਿਲ੍ਹਾ ਨੌ ਨਾਲ ਸੰਬੰਧਿਤ ਇਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਰਾਜਵਿੰਦਰ ਸਿੰਘ (ਉਮਰ ਕਰੀਬ 30 ਸਾਲ) ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ 'ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ | ਪਰਿਵਾਰਕ ਮੈਂਬਰਾਂ ਅਨੁਸਾਰ ਰਾਜਵਿੰਦਰ ਸਿੰਘ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿਚ ਰਹਿ ਰਿਹਾ ਸੀ ਅਤੇ ਉੱਥੇ ਕੰਮ ਕਰਦਾ ਸੀ | ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਸਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ | ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ | ਪਿੰਡ ਕਿਲ੍ਹਾ ਨੌ ਵਿਚ ਵੀ ਸੋਗ ਦੀ ਲਹਿਰ ਫ਼ੈਲ ਗਈ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਮਿਲਣਸਾਰ ਸੁਭਾਅ ਦਾ ਮਾਲਕ ਸੀ ਅਤੇ ਘਰ ਦੀਆਂ ਆਰਥਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵਿਦੇਸ਼ ਗਿਆ ਹੋਇਆ ਸੀ | ਪਰਿਵਾਰ ਵਲੋਂ ਹੁਣ ਮਿ੍ਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ | ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ |