ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸ੍ਰੀ ਮੁਕਤਸਰ ਵਲੋਂ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ 17 ਮਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਕਾਰਵਾਈ ਰਿਪੋਰਟ ਜਾਰੀ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਗੋਨਿਆਣਾ ਨੇ ਦੱਸਿਆ ਕਿ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਬੀਤਣ 'ਤੇ ਵੀ ਮੁਲਾਜ਼ਮ ਵਰਗ ਦੀ ਕੋਈ ਵਿੱਤੀ ਮੰਗ ਪੂਰੀ ਨਹੀਂ ਕੀਤੀ, ਜਿਸ ਕਰਕੇ ਸਮੂਹ ਮੁਲਾਜ਼ਮ ਵਰਗ 'ਚ ਰੋਸ ਹੈ | ਪੰਜਾਬ ਸਰਕਾਰ ਵਲੋਂ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਬਣੇ ਸਾਂਝੇ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ ਪਹਿਲਾਂ ਮੋਗਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਅਤੇ ਫ਼ਿਰ ਸਾਰੇ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਕਰਨ ਤੋਂ ਬਾਅਦ ਹੁਣ ਸੂਬਾ ਪੱਧਰੀ ਰੈਲੀ 17 ਮਈ ਨੂੰ ਮੋਹਾਲੀ ਵਿਚ ਕੀਤੀ ਜਾ ਰਹੀ ਹੈ | ਇਸ ਰੈਲੀ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਸੂਬਾ ਕਮੇਟੀ ਮੈਂਬਰ ਪਰਮਾਤਮਾ ਸਿੰਘ, ਬਲਾਕ ਪ੍ਰਧਾਨ ਰਵੀ ਕੁਮਾਰ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਬਲਵੰਤ ਸਿੰਘ, ਖੁਸ਼ਪ੍ਰੀਤ ਸਿੰਘ, ਰਣਜੀਤ ਸਿੰਘ ਹਾਜ਼ਰ ਸਨ |