ਸ੍ਰੀ ਮੁਕਤਸਰ ਸਾਹਿਬ, 9 ਮਈ (ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਮਈ ਦਿਨ ਐਤਵਾਰ ਨੂੰ ਸ਼ਾਮ 5 ਵਜੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਸਾਹਿਬਚੰਦ ਵਿਖੇ ਸੱਥ ਪ੍ਰੋਗਰਾਮ ਤਹਿਤ ਕਰਵਾਏ ਜਾਣ ਵਾਲੇ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਪਹੁੰਚ ਰਹੇ ਹਨ | ਇਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵਲੋਂ ਡੀ.ਸੀ. ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਦੀ ਸੁਚਾਰੂ ਤਰੀਕੇ ਨਾਲ ਵਿਵਸਥਾ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੌਰਾਨ ਸੁਰੱਖਿਆ, ਟ੍ਰੈਫਿਫ਼ਕ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਤੇ ਮੈਡੀਕਲ ਸਹੂਲਤਾਂ ਸਮੇਤ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਤੇ ਸਮਾਗਮ ਦੀ ਸਫ਼ਲਤਾ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਏ | ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਐੱਸ.ਡੀ.ਐੱਮ. ਗਿੱਦੜਬਾਹਾ ਜਸਪਾਲ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਬੀ.ਡੀ.ਪੀ.ਓ. ਗਿੱਦੜਬਾਹਾ ਮਨਜੋਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | 09 ਐਮ.ਕੇ.ਟੀ. 05